ਭ੍ਰਿਸ਼ਟਾਚਾਰ ਮਾਮਲੇ ’ਚ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਝਟਕਾ, ਸੁਪਰੀਮ ਕੋਰਟ ਨੇ ਜ਼ਮਾਨਤ ’ਤੇ ਦਿੱਤੇ ਸਖ਼ਤ ਸੰਕੇਤ

ਨਿਊਜ਼ ਪੰਜਾਬ

15 ਸਤੰਬਰ,2026

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਦੂਜੀ ਜ਼ਮਾਨਤ ਪਟੀਸ਼ਨ ’ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਚੀਫ਼ ਜਸਟਿਸ ਆਫ਼ ਇੰਡੀਆ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਜ਼ਮਾਨਤ ਪਟੀਸ਼ਨ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਇਹ ਮਾਮਲਾ ਪੂਰੀ ਤਰ੍ਹਾਂ ਖਾਰਿਜ ਹੋਣ ਵਾਲਾ ਲੱਗਦਾ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਅਤੇ ਸੰਕੇਤ ਦਿੱਤਾ ਕਿ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਹੋਣ ਤੋਂ ਬਾਅਦ ਜ਼ਮਾਨਤ ਪਟੀਸ਼ਨ ’ਤੇ ਮੁੜ ਵਿਚਾਰ ਕੀਤਾ ਜਾਵੇਗਾ। ਭੁੱਲਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਸ਼ਿਕਾਇਤਕਰਤਾ ਅਤੇ ਇੱਕ ਮੁੱਖ ਗਵਾਹ ਤੋਂ ਅਜੇ ਪੁੱਛਗਿੱਛ ਨਹੀਂ ਹੋਈ ਹੈ ਅਤੇ ਦੋ ਸ਼ੈਡੋ ਗਵਾਹਾਂ ਤੋਂ ਪੁੱਛਗਿੱਛ ਦੀ ਇਜਾਜ਼ਤ ਵੀ ਮੰਗੀ। ਭੁੱਲਰ ਨੂੰ ਅਕਤੂਬਰ 2025 ਵਿੱਚ CBI ਨੇ ਮੋਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਕਥਿਤ ਤੌਰ ’ਤੇ ਵਿਚੋਲਿਆਂ ਰਾਹੀਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।