ਕਿਸਾਨਾਂ ਦਾ ਵੱਡਾ ਐਲਾਨ, 17 ਸਤੰਬਰ ਤੋਂ ਰੇਲ ਰੋਕੋ ਅੰਦੋਲਨ ਦੀ ਚੇਤਾਵਨੀ

ਨਿਊਜ਼ ਪੰਜਾਬ

16 ਸਤੰਬਰ,2026

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਅੰਮ੍ਰਿਤਸਰ ਵਿੱਚ ਬੁੱਧਵਾਰ ਨੂੰ ਹੋਈ ਜਥੇਬੰਦੀ ਦੀ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਜੇਕਰ 17 ਸਤੰਬਰ ਨੂੰ ਦੁਪਹਿਰ 12 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਕਿਸਾਨ ਆਗੂਆਂ ਮੁਤਾਬਕ ਪਹਿਲੇ ਪੜਾਅ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਮੋਗਾ, ਸੰਗਰੂਰ ਅਤੇ ਸੁਨਾਮ ਸਮੇਤ ਕਈ ਥਾਵਾਂ ’ਤੇ ਰੇਲ ਆਵਾਜਾਈ ਰੋਕਣ ਦੀ ਯੋਜਨਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਚੱਲ ਰਹੇ ਧਰਨੇ ਵੀ ਜਾਰੀ ਰਹਿਣਗੇ। ਆਗੂਆਂ ਨੇ ਦੱਸਿਆ ਕਿ ਪਟਿਆਲਾ ਵਿੱਚ ਮੰਤਰੀ ਦੇ ਘਰ ਦੇ ਬਾਹਰ ਚੱਲ ਰਿਹਾ ਧਰਨਾ ਤੀਜੇ ਦਿਨ ਵਿੱਚ ਦਾਖਲ ਹੋ ਗਿਆ ਹੈ। ਮੋਰਚੇ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ, ਬਿਜਲੀ ਸੋਧ ਐਕਟ, ਬੀਜ ਸੋਧ ਐਕਟ, ਸ਼ੰਭੂ-ਖਨੌਰੀ ਮੋਰਚੇ ਦੌਰਾਨ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਫਸਲਾਂ ’ਤੇ MSP ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਉਠਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਧਰਤੀ ਹੇਠਲੇ ਪਾਣੀ, ਦਰਿਆਈ ਪਾਣੀ ਦੀ ਸੁਰੱਖਿਆ, ਲੈਂਡ ਪੂਲਿੰਗ ਨੀਤੀ, ਜ਼ਮੀਨ ਐਕੁਆਇਰ ਕਰਨ ਅਤੇ ਚਿੱਪ ਵਾਲੇ ਬਿਜਲੀ ਮੀਟਰਾਂ ਨਾਲ ਜੁੜੇ ਮੁੱਦੇ ਵੀ ਸ਼ਾਮਲ ਹਨ। ਮੋਰਚੇ ਨੇ ਕਿਹਾ ਹੈ ਕਿ 18 ਸਤੰਬਰ ਦੀ ਸ਼ਾਮ ਨੂੰ ਮੀਟਿੰਗ ਕਰਕੇ ਅੰਦੋਲਨ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।