ਨਿਊਜ਼ ਪੰਜਾਬ
17 ਸਤੰਬਰ 2029
ਪੰਜਾਬ ਵਿੱਚ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 17 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਰੇਲਾਂ ਰੋਕਣ ਦਾ ਪ੍ਰੋਗਰਾਮ ਦੁਪਹਿਰ 12 ਵਜੇ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ ਇਸ ਤੋਂ ਪਹਿਲਾਂ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਅਤੇ ਗੱਲਬਾਤ ਕਰਨ ਲਈ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਸਰਕਾਰ ਵੱਲੋਂ ਕੋਈ ਠੋਸ ਹੁੰਗਾਰਾ ਨਹੀਂ ਮਿਲਦਾ ਤਾਂ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਫਿਰੋਜ਼ਪੁਰ ਅਤੇ ਸੰਗਰੂਰ ਸਮੇਤ ਕਈ ਥਾਵਾਂ ’ਤੇ ਰੇਲਵੇ ਟਰੈਕਾਂ ’ਤੇ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਆਪਣੀਆਂ ਮੰਗਾਂ ਸਬੰਧੀ ਪੱਤਰ ਮੁੱਖ ਮੰਤਰੀ ਨੂੰ ਭੇਜ ਚੁੱਕੇ ਹਨ, ਪਰ ਸਰਕਾਰ ਵੱਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ 31 ਅਗਸਤ ਤੋਂ ਮੰਤਰੀਆਂ ਦੇ ਨਿਵਾਸਾਂ ਦੇ ਬਾਹਰ ਵੀ ਵੱਖ-ਵੱਖ ਥਾਵਾਂ ’ਤੇ ਧਰਨੇ ਜਾਰੀ ਹਨ। ਰੇਲ ਰੋਕੋ ਅੰਦੋਲਨ ਕਾਰਨ ਪੰਜਾਬ ਵਿੱਚ ਰੇਲ ਯਾਤਰਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਅਤੇ ਯਾਤਰੀਆਂ ਨੂੰ ਆਪਣੀ ਯਾਤਰਾ ਤੋਂ ਪਹਿਲਾਂ ਰੇਲਾਂ ਦੀ ਸਥਿਤੀ ਜਾਂਚਣ ਦੀ ਸਲਾਹ ਦਿੱਤੀ ਜਾ ਰਹੀ ਹੈ।
