ਨਿਊਜ਼ ਪੰਜਾਬ
17 ਸਤੰਬਰ,2026
ਇਸ ਸਮੇਂ ਦੀ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਹੁੰਚੇ ਹਨ। ਇੱਥੇ ਆਮ ਆਦਮੀ ਪਾਰਟੀ ਦੀ ਪੋਲੀਟੀਕਲ ਅਫੇਅਰਜ਼ ਕਮੇਟੀ (PAC) ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਪਾਰਟੀ ਦੇ ਸਿਆਸੀ ਢਾਂਚੇ ਅਤੇ ਆਉਣ ਵਾਲੀਆਂ ਚੋਣਾਂ ਨਾਲ ਜੁੜੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਇਲਾਵਾ ਗੋਆ ਅਤੇ ਉੱਤਰ ਪ੍ਰਦੇਸ਼ ਦੇ ਸਿਆਸੀ ਮਾਮਲਿਆਂ ਨੂੰ ਲੈ ਕੇ ਵੀ ਅਹਿਮ ਚਰਚਾ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ 10 ਸਤੰਬਰ 2026 ਨੂੰ ਹੋਈ ਆਮ ਆਦਮੀ ਪਾਰਟੀ ਦੀ ਨੈਸ਼ਨਲ ਕੌਂਸਲ ਦੀ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਨੂੰ ਨੈਸ਼ਨਲ ਕਨਵੀਨਰ ਚੁਣਿਆ ਗਿਆ ਸੀ ਅਤੇ 23 ਮੈਂਬਰਾਂ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਸੀ। ਹੁਣ PAC ਦੀ ਇਸ ਬੈਠਕ ਨੂੰ ਪਾਰਟੀ ਦੇ ਅਗਲੇ ਸਿਆਸੀ ਕਦਮਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਮੀਟਿੰਗ ਵਿੱਚ ਅਸਲ ਵਿੱਚ ਕਿਹੜੇ ਫੈਸਲੇ ਲਏ ਜਾਂਦੇ ਹਨ, ਇਸ ਬਾਰੇ ਸਪੱਸ਼ਟਤਾ ਬੈਠਕ ਤੋਂ ਬਾਅਦ ਹੀ ਸਾਹਮਣੇ ਆਵੇਗੀ।
