ਨਿਊਜ਼ ਪੰਜਾਬ
17 ਸਤੰਬਰ,2026
ਪਟਿਆਲਾ ਜੇਲ੍ਹ ਵਿੱਚ ਪਿਛਲੇ 31 ਸਾਲਾਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਚਿੱਠੀ ਲਿਖ ਕੇ ਆਪਣੀ ਰਹਿਮ ਦੀ ਅਪੀਲ ’ਤੇ ਜਲਦ ਫੈਸਲਾ ਲੈਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨਾਲ ਸਬੰਧਤ ਰਹਿਮ ਦੀ ਅਪੀਲ ਕਰੀਬ 15 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ, ਪਰ ਅਜੇ ਤੱਕ ਇਸ ’ਤੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ।
ਉਨ੍ਹਾਂ ਨੇ 2019 ਵਿੱਚ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਨੂੰ ਵੀ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਰਾਜੋਆਣਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਫਾਂਸੀ ਦੀ ਸਜ਼ਾ ਸਬੰਧੀ ਅੰਤਿਮ ਫੈਸਲੇ ਦੀ ਉਡੀਕ ਕਰ ਰਹੇ ਹਨ ਅਤੇ ਉਨ੍ਹਾਂ ਨੇ ਅਦਾਲਤ ਵਿੱਚ ਆਪਣੇ ਕੀਤੇ ਕੰਮ ਨੂੰ ਕਦੇ ਨਹੀਂ ਲੁਕਾਇਆ। ਚਿੱਠੀ ਦੇ ਅੰਤ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਮਾਮਲੇ ਨੂੰ ਹੋਰ ਲੰਬਾ ਨਾ ਖਿੱਚਿਆ ਜਾਵੇ ਅਤੇ ਰਹਿਮ ਦੀ ਅਪੀਲ ’ਤੇ ਜਲਦ ਅੰਤਿਮ ਫੈਸਲਾ ਲਿਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਫਾਂਸੀ ਦੇਣ ਦਾ ਫੈਸਲਾ ਕਰਦੀ ਹੈ ਤਾਂ ਵੀ ਇਸ ਮਾਮਲੇ ਵਿੱਚ ਹੋਰ ਦੇਰੀ ਨਾ ਕੀਤੀ ਜਾਵੇ।
