ਨਿਊਜ਼ ਪੰਜਾਬ
18 ਸਤੰਬਰ,2026
ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ASI ਹਰਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੇਟ ਹਕੀਮਾਂ ਵਿੱਚ ਤਾਇਨਾਤ ASI ਹਰਜੀਤ ਸਿੰਘ ਬੀਤੀ ਰਾਤ ਕਰੀਬ 2:30 ਵਜੇ ਦਾਣਾ ਮੰਡੀ ਦੇ ਨੇੜੇ ਬਾਈਕ ’ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ASI ਹਰਜੀਤ ਸਿੰਘ ਦੀ ਸ਼ਹਾਦਤ ’ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਵੀ ਪਰਿਵਾਰ ਨੂੰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਅਤੇ ਡਿਊਟੀ ਪ੍ਰਤੀ ਉਨ੍ਹਾਂ ਦਾ ਸਮਰਪਣ ਹਮੇਸ਼ਾ ਯਾਦ ਰੱਖਿਆ ਜਾਵੇਗਾ।
