ਨਿਊਜ਼ ਪੰਜਾਬ
20 ਸਤੰਬਰ,2026
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਅਹਿਮ ਗੱਲ ਸਾਹਮਣੇ ਰੱਖੀ ਗਈ ਹੈ। ਇੱਕ ਮਹਿਲਾ ਵੱਲੋਂ ਗਿਆਨੀ ਮਲਕੀਤ ਸਿੰਘ ’ਤੇ ਕਥਿਤ ਤੌਰ ’ਤੇ ਅਸ਼ਲੀਲ ਚੈਟ ਕਰਨ ਦੇ ਦੋਸ਼ ਲਗਾਏ ਗਏ ਹਨ ਅਤੇ ਉਸ ਵੱਲੋਂ ਹੋਰ ਧਾਰਮਿਕ ਸ਼ਖ਼ਸੀਅਤਾਂ ਨਾਲ ਸਬੰਧਤ ਕਥਿਤ ਚੈਟ ਹੋਣ ਦਾ ਵੀ ਦਾਅਵਾ ਕੀਤਾ ਗਿਆ ਹੈ। ਜਥੇਦਾਰ ਨੇ ਕਿਹਾ ਕਿ ਸਿੱਖ ਸੰਸਥਾਵਾਂ ਵਿੱਚ ਜ਼ਿੰਮੇਵਾਰ ਅਹੁਦਿਆਂ ’ਤੇ ਬੈਠੇ ਵਿਅਕਤੀਆਂ ਖ਼ਿਲਾਫ਼ ਜੇਕਰ ਗੰਭੀਰ ਦੋਸ਼ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਮਲਕੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਤੋਂ ਪਾਸੇ ਕਰਨ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਪੰਜ ਪਿਆਰਿਆਂ ਵੱਲੋਂ ਮਹਿਲਾ ਨਾਲ ਕਥਿਤ ਤੌਰ ’ਤੇ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਦੇ ਦੋਸ਼ਾਂ ਦੀ ਵੀ ਪੜਤਾਲ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਬਿਨਾਂ ਜਾਂਚ ਦੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ ਅਤੇ ਜੇਕਰ ਜਾਂਚ ਵਿੱਚ ਕੋਈ ਦੋਸ਼ ਸਾਬਤ ਹੁੰਦਾ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਪ੍ਰਧਾਨ ਮੁਤਾਬਕ ਮਹਿਲਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਮਾਮਲੇ ਬਾਰੇ ਜਾਣਕਾਰੀ ਦਿੱਤੀ ਸੀ, ਪਰ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ। ਹੁਣ ਮਾਮਲੇ ਵਿੱਚ ਤੱਥਾਂ ਦੀ ਪੜਤਾਲ ਅਤੇ ਨਿਰਪੱਖ ਜਾਂਚ ਰਾਹੀਂ ਅਸਲ ਸਥਿਤੀ ਸਾਹਮਣੇ ਲਿਆਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
