ਬਕਾਇਆ DA-DR ਮਾਮਲੇ ’ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਦੀ ਸਖ਼ਤੀ, ਮੁੱਖ ਸਕੱਤਰ ਨੂੰ ਨਿੱਜੀ ਪੇਸ਼ੀ ਦੇ ਹੁਕਮ

ਨਿਊਜ਼ ਪੰਜਾਬ

22 ਸਤੰਬਰ,2026

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੀ ਅਦਾਇਗੀ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਹੋਣ ਅਤੇ ਪਾਲਣਾ ਸਬੰਧੀ ਹਲਫ਼ਨਾਮਾ ਦਾਖ਼ਲ ਨਾ ਕਰਨ ’ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। 3 ਅਗਸਤ ਨੂੰ ਅਦਾਲਤ ਨੇ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਬਕਾਇਆ DA/DR ਦੀਆਂ ਕਿਸ਼ਤਾਂ ਜਾਰੀ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਸਮੇਂ ਸਿਰ ਭੁਗਤਾਨ ਨਾ ਹੋਣ ਦੀ ਸਥਿਤੀ ਵਿੱਚ ਬਕਾਇਆ ਰਕਮ ’ਤੇ 6 ਫ਼ੀਸਦੀ ਸਾਲਾਨਾ ਸਾਧਾਰਨ ਵਿਆਜ ਦੇਣ ਦੇ ਵੀ ਹੁਕਮ ਦਿੱਤੇ ਗਏ ਸਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਫ਼ੈਸਲੇ ਖ਼ਿਲਾਫ਼ ਅਪੀਲ ਕਰਨ ਦਾ ਅਧਿਕਾਰ ਹੈ, ਪਰ ਇਸ ਅਧਿਕਾਰ ਦੀ ਵਰਤੋਂ ਕਾਰਵਾਈ ਨੂੰ ਬੇਲੋੜੇ ਤੌਰ ’ਤੇ ਲੰਮਾ ਖਿੱਚਣ ਲਈ ਨਹੀਂ ਕੀਤੀ ਜਾ ਸਕਦੀ।