ਸਾਬਕਾ ED ਅਧਿਕਾਰੀ ਨਿਰੰਜਣ ਸਿੰਘ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਚ ਹੋਣਗੇ ਸ਼ਾਮਲ, ਪੰਜਾਬ ਦੀ ਸਿਆਸਤ ’ਚ ਨਵੀਂ ਚਰਚਾ

ਨਿਊਜ਼ ਪੰਜਾਬ

23 ਸਤੰਬਰ,2026

ਸਾਬਕਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਧਿਕਾਰੀ ਨਿਰੰਜਣ ਸਿੰਘ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਨਿਰੰਜਣ ਸਿੰਘ ਨੇ ਆਪਣੇ ਫ਼ੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੇਵਾਮੁਕਤ ਹੋਏ ਕਈ ਸਾਲ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਹੁਣ ਬਦਲਾਅ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਨਸ਼ਾ ਖ਼ਤਮ ਕਰਨ ਦੇ ਵਾਅਦੇ ਕੀਤੇ ਗਏ, ਪਰ ਇਸ ਸਮੱਸਿਆ ਦਾ ਪੂਰੀ ਤਰ੍ਹਾਂ ਹੱਲ ਨਹੀਂ ਹੋ ਸਕਿਆ। ED ਵਿੱਚ ਆਪਣੇ ਲੰਬੇ ਕਾਰਜਕਾਲ ਦੌਰਾਨ ਨਿਰੰਜਣ ਸਿੰਘ ਨੇ ਪੰਜਾਬ ਨਾਲ ਸਬੰਧਤ ਕਈ ਮਨੀ ਲਾਂਡਰਿੰਗ ਅਤੇ FEMA ਮਾਮਲਿਆਂ ਦੀ ਜਾਂਚ ਕੀਤੀ। ਉਹ ਕਰੀਬ ₹6,000 ਕਰੋੜ ਦੇ ਚਰਚਿਤ ਡਰੱਗ-ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਵੀ ਅਹਿਮ ਭੂਮਿਕਾ ਵਿੱਚ ਰਹੇ। ਇਸ ਮਾਮਲੇ ਦੀ ਜਾਂਚ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ ਸੀ। ਮਜੀਠੀਆ ਤੋਂ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਤਬਾਦਲੇ ਨੂੰ ਲੈ ਕੇ ਵੀ ਉਸ ਸਮੇਂ ਵਿਵਾਦ ਪੈਦਾ ਹੋਇਆ ਸੀ। ਨਿਰੰਜਣ ਸਿੰਘ ਨੇ ਇਸ ਤਬਾਦਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਹ 31 ਮਈ 2021 ਨੂੰ ਰਸਮੀ ਤੌਰ ’ਤੇ ਸੇਵਾਮੁਕਤ ਹੋਏ ਸਨ। ਹੁਣ ਉਨ੍ਹਾਂ ਦੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਇਸ ਫ਼ੈਸਲੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।