ਨਿਊਜ਼ ਪੰਜਾਬ
24 ਸਤੰਬਰ,2026
ਬਰਖਾਸਤ AIG ਰਾਜਜੀਤ ਸਿੰਘ ਨੇ ਲਗਭਗ ਛੇ ਸਾਲਾਂ ਤੱਕ ਫਰਾਰ ਰਹਿਣ ਤੋਂ ਬਾਅਦ ਪਟਿਆਲਾ ਪੁਲਿਸ ਅੱਗੇ ਆਤਮਸਮਰਪਣ ਕਰ ਦਿੱਤਾ ਹੈ। ਆਤਮਸਮਰਪਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਗ੍ਰਿਫਤਾਰ ਕਰ ਲਿਆ। ਰਾਜਜੀਤ ਸਿੰਘ ਵਿਰੁੱਧ ਸਾਲ 2019 ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਮਾਮਲੇ ਦਰਜ ਕੀਤੇ ਗਏ ਸਨ। ਉਨ੍ਹਾਂ ਨੂੰ ਅਪ੍ਰੈਲ 2019 ਵਿੱਚ ਪੁਲਿਸ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜਾਂਚ ਦੌਰਾਨ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਜੁੜੇ ਕਥਿਤ ਨਸ਼ਾ ਤਸਕਰੀ ਅਤੇ ਵਸੂਲੀ ਨੈੱਟਵਰਕ ਦੇ ਸਬੰਧ ਵਿੱਚ ਰਾਜਜੀਤ ਸਿੰਘ ਦਾ ਨਾਮ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਅਤੇ ਸਪੈਸ਼ਲ ਟਾਸਕ ਫੋਰਸ ਵੱਲੋਂ ਵੀ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ। ਹਾਈ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਉਹ ਫਰਾਰ ਹੋ ਗਏ ਸਨ ਅਤੇ ਉਨ੍ਹਾਂ ਦੀ ਭਾਲ ਲਈ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਹੁਣ ਕਰੀਬ ਛੇ ਸਾਲਾਂ ਬਾਅਦ ਉਨ੍ਹਾਂ ਦੇ ਆਤਮਸਮਰਪਣ ਨਾਲ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੀ ਜਾਂਚ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
