ਨਿਊਜ਼ ਪੰਜਾਬ
29 ਸਤੰਬਰ,2026
ਦਿੱਲੀ ਸਰਕਾਰ ਨੇ ਸਰਦੀਆਂ ਦੌਰਾਨ ਵਧਣ ਵਾਲੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਖ਼ਤ ਕਾਰਜ ਯੋਜਨਾ ਤਿਆਰ ਕੀਤੀ ਹੈ। ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਈ ਅਹਿਮ ਫੈਸਲਿਆਂ ਦਾ ਐਲਾਨ ਕੀਤਾ। ਯੋਜਨਾ ਤਹਿਤ 1 ਨਵੰਬਰ ਤੋਂ ਦਿੱਲੀ ਤੋਂ ਬਾਹਰ ਰਜਿਸਟਰਡ BS-6 ਮਾਪਦੰਡਾਂ ਤੋਂ ਘੱਟ ਵਾਹਨਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ, ਜਦਕਿ CNG ਵਾਹਨਾਂ ਨੂੰ ਕੁਝ ਛੋਟਾਂ ਮਿਲਣਗੀਆਂ। ਇਸ ਤੋਂ ਇਲਾਵਾ 1 ਨਵੰਬਰ ਤੋਂ 28 ਫਰਵਰੀ ਤੱਕ ਪਾਰਕਿੰਗ ਫੀਸ ਦੁੱਗਣੀ ਕੀਤੀ ਜਾਵੇਗੀ, ਹਾਲਾਂਕਿ EV ਪਾਰਕਿੰਗ ਅਤੇ ਮੈਟਰੋ ਇਸ ਵਾਧੇ ਤੋਂ ਬਾਹਰ ਰਹਿਣਗੇ। ਸਰਕਾਰ ਨੇ ਜਨਤਕ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ 150 ਨਵੀਆਂ ਇਲੈਕਟ੍ਰਿਕ ਬੱਸਾਂ ਸ਼ਾਮਲ ਕਰਨ ਦਾ ਵੀ ਫੈਸਲਾ ਕੀਤਾ ਹੈ। ਨਾਲ ਹੀ ਨਿਰਮਾਣ ਅਤੇ ਢਾਹੁਣ ਦੇ ਕੰਮਾਂ ’ਤੇ ਪਾਬੰਦੀਆਂ, ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਸਖ਼ਤ ਜਾਂਚ ਅਤੇ ਸੜਕਾਂ ਦੀ ਸਫਾਈ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
