ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ’ਤੇ SGPC ਦੇ ਦੋ ਸੀਨੀਅਰ ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ

ਨਿਊਜ਼ ਪੰਜਾਬ

30 ਸਤੰਬਰ,2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਸੀਨੀਅਰ ਮੈਂਬਰਾਂ ਮਿੱਠੂ ਸਿੰਘ ਕਾਨੇਕੇ ਅਤੇ ਜਸਵੰਤ ਸਿੰਘ ਪੁੜੈਣ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਦੋਵਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਗਿਆ ਹੈ। ਦੋਸ਼ ਹੈ ਕਿ ਦੋਵਾਂ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਸਬੰਧੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੁਕਮ ਜਾਰੀ ਕੀਤੇ ਗਏ ਸਨ।

ਨੋਟਿਸ ਮੁਤਾਬਕ ਦੋਵਾਂ ਨੂੰ 10 ਦਿਨਾਂ ਦੇ ਅੰਦਰ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ, ਜਦੋਂ ਤੱਕ ਉਹ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਅਤੇ ਮਾਮਲੇ ’ਤੇ ਅੰਤਿਮ ਫ਼ੈਸਲਾ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦੇ SGPC ਦੀਆਂ ਕਿਸੇ ਵੀ ਮੀਟਿੰਗਾਂ ਜਾਂ ਇਕੱਤਰਤਾਵਾਂ ਵਿੱਚ ਸ਼ਾਮਲ ਹੋਣ ’ਤੇ ਰੋਕ ਲਗਾਈ ਗਈ ਹੈ।