ਨਿਊਜ਼ ਪੰਜਾਬ
1 ਅਕਤੂਬਰ,2026
ਪੰਜਾਬ ਸਰਕਾਰ ਵੱਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਅੱਜ ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ ਅਤੇ ਪੰਜਾਬ ਦੀਆਂ ਲਗਭਗ 37 ਲੱਖ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨਿਆਂ ਦੀਆਂ ਕਿਸ਼ਤਾਂ ਜਾਰੀ ਕੀਤੀਆਂ।
ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ ₹1,000 ਅਤੇ ਅਨੁਸੂਚਿਤ ਜਾਤੀ ਦੀਆਂ ਯੋਗ ਔਰਤਾਂ ਨੂੰ ₹1,500 ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਮੁਤਾਬਕ ਇਹ ਰਕਮ ਸਿੱਧੀ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। CM ਮਾਨ ਨੇ ਕਿਹਾ ਕਿ ਸਰਕਾਰ ਲੋਕਾਂ ਤੋਂ ਇਕੱਠੇ ਕੀਤੇ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਖਰਚ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ, ਮੁਫ਼ਤ ਬਿਜਲੀ ਅਤੇ ਕਿਸਾਨਾਂ ਲਈ ਪਾਣੀ ਸਮੇਤ ਵੱਖ-ਵੱਖ ਸਹੂਲਤਾਂ ਦੇਣ ’ਤੇ ਕੰਮ ਕੀਤਾ ਜਾ ਰਿਹਾ ਹੈ।
