ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੁਹਿੰਮ ਦਾ ਐਲਾਨ, 6 ਅਕਤੂਬਰ ਤੋਂ ਘਰ-ਘਰ ਪ੍ਰਚਾਰ ਤੇ 10 ਨਵੰਬਰ ਤੋਂ ਸੁਖਬੀਰ ਬਾਦਲ ਦੀ ਬੱਸ ਯਾਤਰਾ

ਨਿਊਜ਼ ਪੰਜਾਬ

2 ਅਕਤੂਬਰ,2026

ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਸਰਗਰਮੀਆਂ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ 6 ਅਕਤੂਬਰ ਤੋਂ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਹ ਮੁਹਿੰਮ ਅਟਾਰੀ ਤੋਂ ਸ਼ੁਰੂ ਹੋ ਕੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ। ਇਸ ਦੌਰਾਨ ਲੋਕਾਂ ਤੋਂ ਪਾਰਟੀ ਦੇ ਚੋਣ ਮਨੋਰਥ ਪੱਤਰ ਲਈ ਸੁਝਾਅ ਲਏ ਜਾਣਗੇ। ਇਸ ਤੋਂ ਇਲਾਵਾ, 10 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬੱਸ ਯਾਤਰਾ ਸ਼ੁਰੂ ਹੋਵੇਗੀ, ਜਿਸ ਦੌਰਾਨ ਉਹ ਰੋਜ਼ਾਨਾ ਦੋ ਤੋਂ ਤਿੰਨ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ। ਇਸੇ ਦੌਰਾਨ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਵਿਰੋਧੀ ਮਹਿਲਾ ਮੁਹਿੰਮ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰੋ ਨਸ਼ਾ ਵਪਾਰ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨਗੇ। ਇਸ ਤੋਂ ਇਲਾਵਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ 8 ਦਸੰਬਰ ਨੂੰ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਵਿਸ਼ਾਲ ਜਨਤਕ ਰੈਲੀ ਕੀਤੀ ਜਾਵੇਗੀ। ਇਨ੍ਹਾਂ ਪ੍ਰੋਗਰਾਮਾਂ ਦਾ ਐਲਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਪਾਰਟੀ ਆਗੂਆਂ ਮੁਤਾਬਕ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਕਿਸਾਨਾਂ, ਵਪਾਰੀਆਂ, ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਤੋਂ ਸੁਝਾਅ ਲਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਟੀ ਅਤੇ ਇਸ ਦੇ ਆਗੂਆਂ ਖ਼ਿਲਾਫ਼ ਮੀਡੀਆ ਤੇ ਸੋਸ਼ਲ ਮੀਡੀਆ ‘ਤੇ ਕਥਿਤ ਕੂੜ ਪ੍ਰਚਾਰ ਦੇ ਮਾਮਲਿਆਂ ਨੂੰ ਦੇਖਣ ਲਈ 10 ਮੈਂਬਰੀ ਵਕੀਲਾਂ ਦੀ ਕਮੇਟੀ ਬਣਾਈ ਗਈ ਹੈ, ਜਿਸ ਦੇ ਚੇਅਰਮੈਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਹੋਣਗੇ।