ਨਿਊਜ਼ ਪੰਜਾਬ
4 ਅਕਤੂਬਰ,2026
ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ। ਪਾਰਟੀ ਵੱਲੋਂ ਜਾਰੀ ਕੀਤੇ ਗਏ ਸਸਪੈਂਸ਼ਨ ਪੱਤਰ ਵਿੱਚ ਉਨ੍ਹਾਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ, ਕਥਿਤ ਤੌਰ ’ਤੇ ਪਾਰਟੀ ਵਿਰੁੱਧ ਝੂਠੀਆਂ ਅਫਵਾਹਾਂ ਫੈਲਾਉਣ ਅਤੇ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ ਗਏ ਹਨ।

ਜ਼ਿਕਰਯੋਗ ਹੈ ਕਿ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੀ ਹੀ ਸਰਕਾਰ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੇ ਮੁੱਦੇ ’ਤੇ ਸਵਾਲ ਚੁੱਕੇ ਸਨ। ਇਸ ਦੇ ਜਵਾਬ ਵਿੱਚ ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਕਿ ਜਿਸ ਸਕੂਲ ਵਿੱਚ ਵਿਧਾਇਕ ਨੇ ਅਧਿਆਪਕਾਂ ਦੀ ਕਮੀ ਦਾ ਮੁੱਦਾ ਉਠਾਇਆ ਸੀ, ਉੱਥੇ ਪਹਿਲਾਂ ਹੀ 25 ਅਧਿਆਪਕ ਤਾਇਨਾਤ ਹਨ। ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।
