ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਕਾਰ ’ਤੇ ਚਲਾਈਆਂ 10 ਗੋਲੀਆਂ

ਨਿਊਜ਼ ਪੰਜਾਬ

4 ਅਕਤੂਬਰ,2026

ਲੁਧਿਆਣਾ ਦੇ ਲਾਡੋਵਾਲ ਇਲਾਕੇ ਵਿੱਚ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਾਨੇਵਾਲ ਪਿੰਡ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ (60) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ 3 ਅਕਤੂਬਰ ਦੀ ਸ਼ਾਮ ਨੂੰ ਜਦੋਂ ਉਹ ਆਪਣੇ ਖੇਤਾਂ ਤੋਂ ਕਾਰ ਰਾਹੀਂ ਘਰ ਪਰਤ ਰਹੇ ਸਨ, ਤਾਂ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ਦੀ ਇਨੋਵਾ ਕਾਰ ’ਤੇ ਕਰੀਬ 10 ਗੋਲੀਆਂ ਚਲਾਈਆਂ। ਇਸ ਦੌਰਾਨ ਕਾਰ ਦੀ ਖਿੜਕੀ ਦਾ ਸ਼ੀਸ਼ਾ ਵੀ ਟੁੱਟ ਗਿਆ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਦੀ ਫੁਟੇਜ ਕਾਰ ਦੇ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਨੂੰ ਪਰਿਵਾਰ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪਰਿਵਾਰਕ ਸੂਤਰਾਂ ਮੁਤਾਬਕ ਸਾਬਕਾ ਸਰਪੰਚ ਦਾ ਆਪਣੇ ਰਿਸ਼ਤੇਦਾਰਾਂ ਨਾਲ ਜ਼ਮੀਨ ਨੂੰ ਲੈ ਕੇ ਪੁਰਾਣਾ ਵਿਵਾਦ ਚੱਲ ਰਿਹਾ ਸੀ ਅਤੇ ਪਰਿਵਾਰ ਨੂੰ ਇਸ ਮਾਮਲੇ ਵਿੱਚ ਦੁਸ਼ਮਣੀ ਦਾ ਸ਼ੱਕ ਹੈ। ਹਾਲਾਂਕਿ, ਕਤਲ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।