ਨਿਊਜ਼ ਪੰਜਾਬ
6 ਅਕਤੂਬਰ 2026
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੇ ਮਾਮਲੇ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਜਤਾਈ ਸੀ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਵੱਲੋਂ ਸੁਪਰੀਮ ਕੋਰਟ ਵਿੱਚ ਸਰਕਾਰ ਦੀ ਲੰਬਿਤ ਅਪੀਲ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਗਈ ਹੈ। 3 ਅਗਸਤ 2026 ਦੇ ਹੁਕਮਾਂ ਵਿੱਚ ਹਾਈਕੋਰਟ ਨੇ ਬਕਾਇਆ DA/DR ਦੀਆਂ ਕਿਸ਼ਤਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਹੁਣ ਅੱਜ ਦੀ ਸੁਣਵਾਈ ਵਿੱਚ ਇਹ ਸਪੱਸ਼ਟ ਹੋਵੇਗਾ ਕਿ ਸਰਕਾਰ ਦੀ ਅਪੀਲ ਦੀ ਸਥਿਤੀ ਕੀ ਹੈ ਅਤੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਿੱਥੋਂ ਤੱਕ ਹੋਈ ਹੈ। DA/DR ਦੇ ਬਕਾਏ ਦੀ ਉਡੀਕ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਨਜ਼ਰ ਅੱਜ ਦੀ ਕਾਰਵਾਈ ’ਤੇ ਟਿਕੀ ਹੋਈ ਹੈ।
