ਨਿਊਜ਼ ਪੰਜਾਬ
7 ਅਕਤੂਬਰ,2026
ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਆਪਣੀ ਬੀਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਦੇ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅਗਲੇ ਪੰਜ ਦਿਨਾਂ ਵਿੱਚ ਇੱਕ ਵਾਰ ਆਪਣੀ ਦਾਦੀ ਨਾਲ ਵੀਡੀਓ ਕਾਲ ਕਰ ਸਕਣਗੇ ਅਤੇ ਇਹ ਕਾਲ ਵੱਧ ਤੋਂ ਵੱਧ 10 ਮਿੰਟ ਦੀ ਹੋਵੇਗੀ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੇ ਵਕੀਲਾਂ ਵੱਲੋਂ ਦਾਦੀ ਨੂੰ ਮਿਲਣ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ, ਜਿਸ ’ਤੇ ਸੁਣਵਾਈ ਤੋਂ ਬਾਅਦ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਨੇ ਵੀਡੀਓ ਕਾਲ ਦੀ ਇਜਾਜ਼ਤ ਦੇਣ ਦਾ ਫੈਸਲਾ ਸੁਣਾਇਆ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
