ਨਵੇਂ ਸੂਬਾ ਪ੍ਰਧਾਨ ਬਣਨ ਮਗਰੋਂ ਪੰਜਾਬ ਪਹੁੰਚੇ ਪਰਗਟ ਸਿੰਘ, ਧਾਰਮਿਕ ਸਥਾਨਾਂ ’ਤੇ ਟੇਕਿਆ ਮੱਥਾ

ਨਿਊਜ਼ ਪੰਜਾਬ

8 ਅਕਤੂਬਰ,2026

ਪੰਜਾਬ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਪਹਿਲੀ ਵਾਰ ਪੰਜਾਬ ਪਹੁੰਚੇ। ਉਨ੍ਹਾਂ ਨੇ 3 ਅਕਤੂਬਰ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਕਮਾਨ ਸੰਭਾਲੀ ਹੈ। ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣ ’ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਢੋਲ ਦੀ ਤਾਲ ਨਾਲ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਪੰਜਾਬ ਪਹੁੰਚਣ ਤੋਂ ਬਾਅਦ ਪਰਗਟ ਸਿੰਘ ਨੇ ਵੱਖ-ਵੱਖ ਧਰਮਾਂ ਦੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਦਾ ਪ੍ਰੋਗਰਾਮ ਰੱਖਿਆ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਇਸ ਤੋਂ ਬਾਅਦ ਸ੍ਰੀ ਦੁਰਗਿਆਣਾ ਮੰਦਰ, ਸੇਂਟ ਪਾਲ ਚਰਚ ਅਤੇ ਰਾਮ ਤੀਰਥ ਮੰਦਰ ਵਿਖੇ ਵੀ ਮੱਥਾ ਟੇਕਿਆ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਰਹੇ।

ਧਾਰਮਿਕ ਸਥਾਨਾਂ ਦੇ ਦੌਰੇ ਤੋਂ ਬਾਅਦ ਮੋਹਾਲੀ ਵਿੱਚ ਕਾਂਗਰਸ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕੀਤੇ ਜਾਣ ਦੀ ਉਮੀਦ ਹੈ। ਇਸ ਤੋਂ ਇਲਾਵਾ ਅਗਲੇ ਦਿਨ ਹਿਮਾਚਲ ਪ੍ਰਦੇਸ਼ ਦੇ ਮਾਂ ਚਿੰਤਪੂਰਨੀ ਦਰਬਾਰ ਵਿਖੇ ਮੱਥਾ ਟੇਕਣ ਦੀ ਵੀ ਯੋਜਨਾ ਦੱਸੀ ਗਈ ਹੈ। ਪੰਜਾਬ ਵਾਪਸ ਆਉਣ ਤੋਂ ਪਹਿਲਾਂ ਪਰਗਟ ਸਿੰਘ ਨੇ ਸਾਬਕਾ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ ਵੀ ਕੀਤੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਆਗੂਆਂ ਦੇ ਆਪਣੇ-ਆਪਣੇ ਵਿਚਾਰ ਹੋ ਸਕਦੇ ਹਨ, ਪਰ ਇਹੀ ਲੋਕਤੰਤਰ ਦੀ ਖੂਬਸੂਰਤੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਕਾਂਗਰਸ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜੇਗੀ।