ED ਨੇ ਸਾਬਕਾ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ’ਚ ਕੱਸਿਆ ਸ਼ਿਕੰਜਾ

ਨਿਊਜ਼ ਪੰਜਾਬ

8 ਅਕਤੂਬਰ,2026

ਸਾਬਕਾ ਪੰਜਾਬ ਪੁਲਿਸ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਾਂਚ ਤੇਜ਼ ਕਰ ਦਿੱਤੀ ਹੈ। ਚੰਡੀਗੜ੍ਹ ਦੀ CBI ਕੋਰਟ ਨੇ ED ਦੀ ਅਰਜ਼ੀ ’ਤੇ ਭੁੱਲਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਮਾਡਲ ਜੇਲ੍ਹ ਬੁੜੈਲ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਭੁੱਲਰ ਨੂੰ 9 ਅਕਤੂਬਰ 2026 ਨੂੰ ਸਵੇਰੇ 10 ਵਜੇ ਸਰੀਰਕ ਤੌਰ ’ਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ED ਵੱਲੋਂ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਇਹ ਮਾਮਲਾ ਉਸ CBI ਕੇਸ ਨਾਲ ਜੁੜਿਆ ਹੈ ਜਿਸ ਵਿੱਚ ਭੁੱਲਰ ’ਤੇ ਕਥਿਤ ਤੌਰ ’ਤੇ ਇੱਕ ਨਿੱਜੀ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਰਿਸ਼ਵਤ ਮੰਗਣ ਦਾ ਦੋਸ਼ ਲੱਗਾ ਸੀ। ਸ਼ਿਕਾਇਤ ਦੇ ਆਧਾਰ ’ਤੇ CBI ਨੇ 16 ਅਕਤੂਬਰ 2025 ਨੂੰ ਜਾਲ ਵਿਛਾਇਆ ਸੀ, ਜਿਸ ਦੌਰਾਨ ਕ੍ਰਿਸ਼ਾਨੂ ਸ਼ਾਰਦਾ ਨੂੰ ਕਥਿਤ ₹5 ਲੱਖ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ ਅਤੇ ਇਸੇ ਦਿਨ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਣ ED ਵੱਲੋਂ CBI ਦੀ ਜਾਂਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ ਅਤੇ ਰਿਸ਼ਵਤ ਦੀ ਰਕਮ ਨਾਲ ਜੁੜੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ED ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਥਿਤ ਰਿਸ਼ਵਤ ਰਾਹੀਂ ਹਾਸਲ ਕੀਤੀ ਗਈ ਰਕਮ ਦੀ ਵਰਤੋਂ ਕਿੱਥੇ ਅਤੇ ਕਿਵੇਂ ਕੀਤੀ ਗਈ। ਭੁੱਲਰ ਇਸ ਸਮੇਂ ਚੰਡੀਗੜ੍ਹ ਦੀ ਮਾਡਲ ਜੇਲ੍ਹ ਵਿੱਚ ਬੰਦ ਹਨ।