CM ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਮਾਮਲਾ ਮੁੜ ਚੀਫ਼ ਜਸਟਿਸ ਕੋਲ ਪਹੁੰਚਿਆ

ਨਿਊਜ਼ ਪੰਜਾਬ

9 ਅਕਤੂਬਰ,2026

ਪੰਜਾਬ ਦੇ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਸੀਬੀਆਈ ਵੱਲੋਂ ਦਰਜ ਕੀਤੀ ਗਈ FIR ਨੂੰ ਰੱਦ ਕਰਵਾਉਣ ਲਈ ਘੁੰਮਣ ਨੇ ਹਾਈਕੋਰਟ ਦਾ ਰੁਖ ਕੀਤਾ ਸੀ, ਪਰ ਜਸਟਿਸ ਬੇਦੀ ਨੇ ਇਸ ਮਾਮਲੇ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਕੇਸ ਮੁੜ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਕੋਲ ਭੇਜ ਦਿੱਤਾ ਗਿਆ ਹੈ। ਰਾਜਬੀਰ ਸਿੰਘ ਘੁੰਮਣ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਖ਼ਿਲਾਫ਼ ਗਲਤ ਤਰੀਕੇ ਨਾਲ FIR ਦਰਜ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਹ OSD ਵਜੋਂ ਸਰਕਾਰੀ ਮੁਲਾਜ਼ਮ ਦੇ ਤੌਰ ’ਤੇ ਕੰਮ ਕਰ ਰਹੇ ਹਨ ਅਤੇ ਅਜਿਹੇ ਮਾਮਲਿਆਂ ਵਿੱਚ FIR ਦਰਜ ਕਰਨ ਤੋਂ ਪਹਿਲਾਂ ਕਾਨੂੰਨ ਅਨੁਸਾਰ ਲੋੜੀਂਦੀ ਜਾਂਚ ਅਤੇ ਮਨਜ਼ੂਰੀ ਦੀ ਪ੍ਰਕਿਰਿਆ ਪੂਰੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੀਬੀਆਈ ਵੱਲੋਂ ਧਾਰਾ 17-ਏ ਤਹਿਤ ਲੋੜੀਂਦੀ ਮਨਜ਼ੂਰੀ ਨਹੀਂ ਲਈ ਗਈ, ਜਿਸ ਦੇ ਆਧਾਰ ’ਤੇ ਉਨ੍ਹਾਂ ਨੇ ਜਾਂਚ ਏਜੰਸੀ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਅਕਤੂਬਰ ਨੂੰ ਹਾਈਕੋਰਟ ਦੇ ਹੁਕਮਾਂ ਤਹਿਤ ਸੀਬੀਆਈ ਨੇ ਇਸ ਮਾਮਲੇ ਵਿੱਚ FIR ਦਰਜ ਕੀਤੀ ਸੀ। ਹੁਣ ਸਾਰਿਆਂ ਦੀਆਂ ਨਜ਼ਰਾਂ ਚੀਫ਼ ਜਸਟਿਸ ਕੋਲ ਹੋਣ ਵਾਲੀ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।