ਨਿਊਜ਼ ਪੰਜਾਬ
10 ਅਕਤੂਬਰ,2026
ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (CJP) ਦੇ ਵੱਡੇ ਪ੍ਰਦਰਸ਼ਨ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾ ਗਿਆ ਹੈ। ਪ੍ਰਦਰਸ਼ਨ ਨੂੰ ਦੇਖਦੇ ਹੋਏ ਰਾਜਧਾਨੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ, CJP ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਲ ਨੂੰ ਦਿੱਲੀ ਏਅਰਪੋਰਟ ’ਤੇ ਫਲਾਈਟ ਤੋਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਘਟਨਾ ਤੋਂ ਬਾਅਦ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਵਿੱਚ ਹਲਚਲ ਮਚ ਗਈ। ਇਸ ਦੌਰਾਨ CJP ਮੁਖੀ ਅਭਿਜੀਤ ਦੀਪਕੇ ਨੇ ਕਿਹਾ ਕਿ ਉਹ ਕਿਸੇ ਵੀ ਕਾਰਵਾਈ ਤੋਂ ਡਰਦੇ ਨਹੀਂ ਹਨ ਅਤੇ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਅੱਜ ਜੰਤਰ-ਮੰਤਰ ’ਤੇ ਵੱਡਾ ਪ੍ਰਦਰਸ਼ਨ ਕੀਤਾ ਜਾਣਾ ਹੈ। CJP ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ SIR ਪ੍ਰਕਿਰਿਆ ਨੂੰ ਰੋਕਣ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ, ਦਿੱਲੀ ਪੁਲਿਸ ਨੇ ਇਸ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ ਦਿੱਤੀ ਹੈ, ਜਿਸ ਕਾਰਨ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।
ਪ੍ਰਦਰਸ਼ਨ ਤੋਂ ਪਹਿਲਾਂ ਜੰਤਰ-ਮੰਤਰ ’ਤੇ ਲਗਾਤਾਰ ਅਨਾਊਂਸਮੈਂਟਾਂ ਕੀਤੀਆਂ ਜਾ ਰਹੀਆਂ ਹਨ ਅਤੇ ਜੰਤਰ-ਮੰਤਰ, ਕਨਾਟ ਪਲੇਸ, ਜਨਪਥ ਰੋਡ ਸਮੇਤ ਕਈ ਅਹਿਮ ਇਲਾਕਿਆਂ ਵਿੱਚ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਵੱਖ-ਵੱਖ ਥਾਵਾਂ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ, ਜਦਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਉੱਥੋਂ ਹਟਾਉਣ ਅਤੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਰਿਪੋਰਟ ਮੁਤਾਬਕ, ਸੁਰੱਖਿਆ ਪ੍ਰਬੰਧਾਂ ਲਈ ਲਗਭਗ 38 ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ BSF ਦੇ ਜਵਾਨ ਵੀ ਸ਼ਾਮਲ ਹਨ। ਪਿਛਲੇ ਦੋ ਦਿਨਾਂ ਤੋਂ ਹੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਅੱਜ ਵੀ ਪੁਲਿਸ ਵੱਲੋਂ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਦਰਸ਼ਨ ਦੇ ਮੱਦੇਨਜ਼ਰ ਆਵਾਜਾਈ ਅਤੇ ਜਨਤਕ ਆਵਾਜਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਵੀ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ਅਨੁਸਾਰ, ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨਾਂ ’ਤੇ ਆਉਣ ਵਾਲੀਆਂ 250 ਮੇਲ ਅਤੇ ਐਕਸਪ੍ਰੈੱਸ ਟ੍ਰੇਨਾਂ ਰੱਦ ਰਹਿਣਗੀਆਂ, ਜਦਕਿ 45 ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਅਤੇ 10 ਡਿਟੈਂਸ਼ਨ ਸੈਂਟਰ ਬਣਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਇੰਡੀਆ ਗੇਟ ਦੇ ਆਸ-ਪਾਸ ਚਾਰ ਕਿਲੋਮੀਟਰ ਦੇ ਦਾਇਰੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣ ਦੀ ਗੱਲ ਵੀ ਸਾਹਮਣੇ ਆਈ ਹੈ। ਫਿਲਹਾਲ, CJP ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਪ੍ਰਦਰਸ਼ਨ ਦੌਰਾਨ ਅੱਗੇ ਕੀ ਸਥਿਤੀ ਬਣਦੀ ਹੈ।
