ਨਿਊਜ਼ ਪੰਜਾਬ
10 ਅਕਤੂਬਰ,2026
ਕੈਨੇਡਾ ਦੇ ਟੋਰਾਂਟੋ ਤੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ‘Signed To God World Tour’ ਦੀ ਸ਼ੁਰੂਆਤ ਹੋ ਚੁੱਕੀ ਹੈ। ਟੂਰ ਦੇ ਪਹਿਲੇ ਹੀ ਸ਼ੋਅ ਵਿੱਚ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ ਅਤੇ ਹਾਲ ਵਿੱਚ ਪੈਰ ਰੱਖਣ ਤੱਕ ਦੀ ਜਗ੍ਹਾ ਨਹੀਂ ਸੀ। ਇਸ ਸ਼ੋਅ ਰਾਹੀਂ ਸਿੱਧੂ ਮੂਸੇਵਾਲਾ ਦੀ ਵਿਰਾਸਤ ਨੂੰ ਆਧੁਨਿਕ ਤਕਨੀਕ ਦੇ ਨਵੇਂ ਅੰਦਾਜ਼ ਵਿੱਚ ਦੁਨੀਆ ਸਾਹਮਣੇ ਪੇਸ਼ ਕੀਤਾ ਗਿਆ। ਹੋਲੋਗ੍ਰਾਮ ਤਕਨੀਕ ਰਾਹੀਂ ਸਿੱਧੂ ਦੀ ਸਟੇਜ ’ਤੇ ਮੌਜੂਦਗੀ ਦਾ ਅਹਿਸਾਸ ਕਰਵਾਇਆ ਗਿਆ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਚਾਹੁਣ ਵਾਲੇ ਭਾਵੁਕ ਹੁੰਦੇ ਨਜ਼ਰ ਆਏ। ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ, ਦਮਦਾਰ ਆਵਾਜ਼ ਅਤੇ ਵਿਲੱਖਣ ਅੰਦਾਜ਼ ਨਾਲ ਪੰਜਾਬੀ ਸੰਗੀਤ ਨੂੰ ਵਿਸ਼ਵ ਪੱਧਰ ’ਤੇ ਇੱਕ ਵੱਖਰੀ ਪਛਾਣ ਦਿਵਾਈ ਸੀ। ਉਨ੍ਹਾਂ ਦੇ ਗੀਤ ਪੰਜਾਬ ਦੀਆਂ ਗਲੀਆਂ ਤੋਂ ਲੈ ਕੇ ਕੈਨੇਡਾ, ਅਮਰੀਕਾ ਅਤੇ ਦੁਨੀਆ ਦੇ ਕਈ ਹੋਰ ਦੇਸ਼ਾਂ ਤੱਕ ਮਕਬੂਲ ਹੋਏ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਪ੍ਰਸ਼ੰਸਕਾਂ ਵਿੱਚ ਉਨ੍ਹਾਂ ਦਾ ਕ੍ਰੇਜ਼ ਘੱਟ ਨਹੀਂ ਹੋਇਆ ਅਤੇ ਅੱਜ ਵੀ ਉਨ੍ਹਾਂ ਦੇ ਗੀਤ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਵੱਸਦੇ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਸਿੱਧੂ ਨੇ ਆਪਣੀ ਜ਼ਿੰਦਗੀ ਦੌਰਾਨ ਹੀ ਅਜਿਹੀ ਤਕਨੀਕ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ ਸੀ। ਉਹ ਚਾਹੁੰਦਾ ਸੀ ਕਿ ਆਪਣੀ ਸਰੀਰਕ ਮੌਜੂਦਗੀ ਤੋਂ ਬਿਨਾਂ ਵੀ ਦੁਨੀਆ ਭਰ ਦੇ ਵੱਡੇ ਦਰਸ਼ਕ ਵਰਗ ਤੱਕ ਪਹੁੰਚਿਆ ਜਾ ਸਕੇ। ਅੱਜ ਇਹ ਵਿਚਾਰ ਉਸ ਦੀ ਵਿਰਾਸਤ ਨੂੰ ਅੱਗੇ ਲਿਜਾਣ ਦਾ ਸਾਧਨ ਬਣ ਰਿਹਾ ਹੈ। ਇਹ ਹੋਲੋਗ੍ਰਾਮ ਸ਼ੋਅ ਸਿਰਫ਼ ਇੱਕ ਸੰਗੀਤਕ ਪ੍ਰੋਗਰਾਮ ਨਹੀਂ, ਸਗੋਂ ਉਸ ਕਲਾਕਾਰ ਦੀ ਯਾਦ ਨੂੰ ਜ਼ਿੰਦਾ ਰੱਖਣ ਦੀ ਕੋਸ਼ਿਸ਼ ਹੈ, ਜਿਸ ਦੀ ਆਵਾਜ਼ ਅੱਜ ਵੀ ਦੁਨੀਆ ਭਰ ਵਿੱਚ ਗੂੰਜ ਰਹੀ ਹੈ।
