ਨਿਊਜ਼ ਪੰਜਾਬ
10 ਅਕਤੂਬਰ,2026
ਲੁਧਿਆਣਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਾਰਡ ਨੰਬਰ-47 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਸ਼ਨੀਵਾਰ ਨੂੰ ਕੈਂਸਰ ਦੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਡੀਐੱਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਅਤੇ ਸਿਆਸੀ ਗਲਿਆਰਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ, ਊਸ਼ਾ ਰਾਣੀ ਕਲਿਆਣ ਦੇ ਤਿੰਨ ਪੁੱਤਰ ਹਨ ਅਤੇ ਪਰਿਵਾਰ ਵਿੱਚ ਇਨ੍ਹੀਂ ਦਿਨੀਂ ਖ਼ੁਸ਼ੀਆਂ ਦਾ ਮਾਹੌਲ ਸੀ, ਕਿਉਂਕਿ ਉਨ੍ਹਾਂ ਦੇ ਇੱਕ ਪੁੱਤਰ ਦਾ ਵਿਆਹ ਅਗਲੇ ਮਹੀਨੇ ਨਵੰਬਰ ਵਿੱਚ ਤੈਅ ਸੀ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਪਰ ਇਸ ਦੁਖਦਾਈ ਘਟਨਾ ਨੇ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਮਾਂ ਦੇ ਅਚਾਨਕ ਵਿਛੋੜੇ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਸਵੇਰੇ 11 ਵਜੇ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਆਗੂਆਂ, ਸਥਾਨਕ ਨਿਵਾਸੀਆਂ ਅਤੇ ਸਮਰਥਕਾਂ ਨੇ ਉਨ੍ਹਾਂ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਲਾਕਾ ਨਿਵਾਸੀਆਂ ਅਨੁਸਾਰ, ਊਸ਼ਾ ਰਾਣੀ ਕਲਿਆਣ ਇੱਕ ਮਿਲਣਸਾਰ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਨਾਲ ਖੜ੍ਹਨ ਵਾਲੀ ਆਗੂ ਸਨ। ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਇਲਾਕੇ ਦੇ ਲੋਕਾਂ ਨੇ ਇੱਕ ਲੋਕਪ੍ਰਿਯ ਆਗੂ ਨੂੰ ਗੁਆ ਦਿੱਤਾ ਹੈ
।
