ਦਿੱਲੀ ਵਿੱਚ CJP ਦੇ ਜੰਤਰ-ਮੰਤਰ ਮਾਰਚ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ, 30 ਥਾਵਾਂ ’ਤੇ ਟ੍ਰੈਫਿਕ ਡਾਇਵਰਟ; ਯਾਤਰੀਆਂ ਨੂੰ ਸਾਵਧਾਨ ਰਹਿਣ ਦੀ ਸਲਾਹ

ਨਿਊਜ਼ ਪੰਜਾਬ

11 ਅਕਤੂਬਰ,2026

ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਐਤਵਾਰ ਨੂੰ ਲਗਾਤਾਰ ਦੂਜੇ ਦਿਨ ਜੰਤਰ-ਮੰਤਰ ਵੱਲ ਮਾਰਚ ਦੇ ਸੱਦੇ ਕਾਰਨ ਦਿੱਲੀ ਦੇ ਲਗਭਗ 30 ਅਹਿਮ ਸਥਾਨਾਂ ’ਤੇ ਆਵਾਜਾਈ ਦੇ ਰੂਟ ਬਦਲੇ ਗਏ ਹਨ। ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਜੰਤਰ-ਮੰਤਰ, ਕਨਾਟ ਪਲੇਸ, ਮੰਡੀ ਹਾਊਸ, ਪਟੇਲ ਚੌਕ, ਸੰਸਦ ਮਾਰਗ ਅਤੇ ਮੱਧ ਦਿੱਲੀ ਦੇ ਹੋਰ ਇਲਾਕਿਆਂ ਵਿੱਚ ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਵੀਂ ਦਿੱਲੀ ਖੇਤਰ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 163 ਲਾਗੂ ਰਹਿਣ ਦੀ ਜਾਣਕਾਰੀ ਦਿੱਤੀ ਗਈ ਹੈ। CJP ਆਗੂਆਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਇਸ ਦੇ ਨਾਲ ਹੀ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (SFI) ਵੱਲੋਂ ਵੀ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਹੈ। ਦੂਜੇ ਪਾਸੇ, ਕਨਾਟ ਪਲੇਸ ਦੇ ਵਪਾਰੀਆਂ ਨੂੰ ਦੁਕਾਨਾਂ ਖੋਲ੍ਹਣ ਸਮੇਂ ਸਾਵਧਾਨੀ ਵਰਤਣ ਅਤੇ ਆਪਣੇ ਆਲੇ-ਦੁਆਲੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਅਨੁਸਾਰ ਸਾਰੇ ਮੈਟਰੋ ਸਟੇਸ਼ਨਾਂ ’ਤੇ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਬੇਹੱਦ ਜ਼ਰੂਰੀ ਹੋਣ ’ਤੇ ਹੀ ਯਾਤਰਾ ਕਰਨ ਅਤੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਜਾਂ ਹਵਾਈ ਅੱਡੇ ਵੱਲ ਜਾਣ ਸਮੇਂ ਵਾਧੂ ਸਮਾਂ ਲੈ ਕੇ ਚੱਲਣ ਦੀ ਅਪੀਲ ਕੀਤੀ ਹੈ। ਯਾਤਰੀਆਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਪੁਲਿਸ ਦੀਆਂ ਅਧਿਕਾਰਤ ਹਦਾਇਤਾਂ ਦੀ ਜਾਂਚ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।