ਤਰਨਤਾਰਨ ਵਿੱਚ ASI ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨਿਊਜ਼ ਪੰਜਾਬ

12 ਅਕਤੂਬਰ,2026

ਪੰਜਾਬ ਵਿੱਚ ਅਪਰਾਧਿਕ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਰਨਤਾਰਨ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਨੇ ASI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਸਨ। ਮੁੱਢਲੀ ਜਾਣਕਾਰੀ ਮੁਤਾਬਕ, ਡਿਊਟੀ ਖ਼ਤਮ ਕਰਨ ਤੋਂ ਬਾਅਦ ਉਹ ਬਾਈਕ ’ਤੇ ਸਵਾਰ ਹੋ ਕੇ ਘਰ ਵਾਪਸ ਜਾ ਰਹੇ ਸਨ, ਇਸੇ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।