ਨਿਊਜ਼ ਪੰਜਾਬ
12 ਅਕਤੂਬਰ,2026
ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਦੀ ਅਦਾਇਗੀ ਦੇ ਮਾਮਲੇ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਅਦਾਲਤ ਨੇ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੂੰ ਐਮਿਕਸ ਕਿਊਰੀ (ਅਦਾਲਤ ਦੇ ਸਹਾਇਕ) ਨਿਯੁਕਤ ਕੀਤਾ ਹੈ। ਮਾਮਲੇ ਵਿੱਚ ਮੁੱਖ ਤੌਰ ’ਤੇ ਡੀਏ ਦੇ ਲੰਬਿਤ ਬਕਾਏ ਦੀ ਅਦਾਇਗੀ ਅਤੇ ਸੁਪਰੀਮ ਕੋਰਟ ਵਿੱਚ ਦਾਇਰ ਅਪੀਲ ਦੀ ਸਥਿਤੀ ਨਾਲ ਸਬੰਧਤ ਮੁੱਦੇ ਉਠਾਏ ਗਏ। ਮੁੱਖ ਸਕੱਤਰ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਕਥਿਤ ਗਲਤ ਜਾਣਕਾਰੀ ਦੇ ਦੋਸ਼ਾਂ ਨੂੰ ਲੈ ਕੇ ਵੀ ਕਾਨੂੰਨੀ ਸਵਾਲ ਖੜ੍ਹੇ ਹੋਏ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ।
