ਨਿਊਜ਼ ਪੰਜਾਬ
13 ਅਕਤੂਬਰ,2026
ਪੰਜਾਬ ਦੇ ਅੰਮ੍ਰਿਤਸਰ ਵਿੱਚ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਿਸਤੌਲ ਅਤੇ ਇੱਕ ਹੈਂਡ ਗ੍ਰੇਨੇਡ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਸ ਨੈੱਟਵਰਕ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਅਤੇ ਵਿਦੇਸ਼ੀ ਤਸਕਰਾਂ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ।

ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਪੁਲਿਸ ਨੇ ਮਈ 2026 ਵਿੱਚ ਖਾਸਾ ਸਥਿਤ ਆਰਮੀ ਛਾਉਣੀ ਨੇੜੇ ਹੋਏ ਆਈਈਡੀ ਧਮਾਕੇ ਦੇ ਮਾਮਲੇ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਹੈ, ਜਿਸ ਵਿੱਚ ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ ਸਬੰਧੀ ਘਰਿੰਡਾ ਥਾਣੇ ਵਿੱਚ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਧਮਾਕੇ ਦੇ ਮਾਮਲੇ ਵਿੱਚ ਯੂਏਪੀਏ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਪੁਲਿਸ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਦੇ ਸਰੋਤਾਂ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਵਿੱਚ ਜੁਟੀ ਹੋਈ ਹੈ।
