ਨਿਊਜ਼ ਪੰਜਾਬ
15 ਅਕਤੂਬਰ,2026
ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੇ ਸੱਦੇ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮਾਨਸਾ ਸਮੇਤ ਕਈ ਥਾਵਾਂ ’ਤੇ ਦੁਕਾਨਾਂ ਬੰਦ ਰਹੀਆਂ ਅਤੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਵੱਲੋਂ ਵੀ ਬੰਦ ਦਾ ਸਮਰਥਨ ਕਰਦਿਆਂ ਪੰਜਾਬ ਦੇ ਟੋਲ ਪਲਾਜ਼ਿਆਂ ’ਤੇ ਵਾਹਨਾਂ ਨੂੰ ਮੁਫ਼ਤ ਲੰਘਣ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਸਰਕਾਰੀ ਦਫ਼ਤਰਾਂ ਅਤੇ ਹੋਰ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਅਸਤੀਫ਼ੇ, ਮਾਮਲੇ ਦੀ ਸੀਬੀਆਈ ਜਾਂਚ, ਜ਼ਖ਼ਮੀਆਂ ਨੂੰ ਮੁਆਵਜ਼ਾ ਦੇਣ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਝੋਟਾ ਦੇ ਪਿਤਾ ਨੇ ਲੋਕਾਂ ਨੂੰ ਇਨਸਾਫ਼ ਦੀ ਲੜਾਈ ਵਿੱਚ ਸਾਥ ਦੇਣ ਅਤੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ। ਪ੍ਰਬੰਧਕਾਂ ਵੱਲੋਂ ਐਮਰਜੈਂਸੀ ਸੇਵਾਵਾਂ, ਖ਼ਾਸ ਕਰਕੇ ਐਂਬੂਲੈਂਸਾਂ ਅਤੇ ਮਰੀਜ਼ਾਂ ਦੀ ਆਵਾਜਾਈ ਨੂੰ ਪ੍ਰਭਾਵਿਤ ਨਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
