ਨਿਊਜ਼ ਪੰਜਾਬ
15 ਅਕਤੂਬਰ,2026
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ 16 ਤੋਂ 20 ਅਕਤੂਬਰ ਤੱਕ ਪੰਜ ਦਿਨਾਂ ਪੰਜਾਬ ਦੌਰੇ ’ਤੇ ਆਉਣਗੇ।

ਇਸ ਦੌਰਾਨ ਉਹ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਗੈਂਗਸਟਰ ਹਿੰਸਾ ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰੇ ਦਾ ਮੁੱਖ ਉਦੇਸ਼ ਪੀੜਤ ਪਰਿਵਾਰਾਂ ਦਾ ਦੁੱਖ ਜਾਣਨਾ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਚਰਚਾ ਕਰਨਾ ਹੈ। ਇਸ ਤੋਂ ਇਲਾਵਾ, ਸਚਿਨ ਪਾਇਲਟ ਪਾਰਟੀ ਦੇ ਨੌਜਵਾਨ ਆਗੂਆਂ ਦੀ ਨੁਮਾਇੰਦਗੀ ਯਕੀਨੀ ਬਣਾਉਣ ਅਤੇ ਪਾਰਟੀ ਅੰਦਰ ਧੜੇਬੰਦੀ ਖ਼ਤਮ ਕਰਕੇ ਏਕਤਾ ਮਜ਼ਬੂਤ ਕਰਨ ’ਤੇ ਵੀ ਜ਼ੋਰ ਦੇ ਰਹੇ ਹਨ। ਹਾਲਾਂਕਿ, ਦੌਰੇ ਦੌਰਾਨ ਹੋਣ ਵਾਲੀਆਂ ਮੀਟਿੰਗਾਂ ਅਤੇ ਹੋਰ ਸਮਾਗਮਾਂ ਦਾ ਪੂਰਾ ਵੇਰਵਾ ਅਜੇ ਸਾਹਮਣੇ ਨਹੀਂ ਆਇਆ ਹੈ।
