ਅੰਮ੍ਰਿਤਸਰ ’ਚ ਕੱਪੜਾ ਕਾਰੋਬਾਰੀ ’ਤੇ ਫਾਇਰਿੰਗ ਤੇ ਲੁੱਟ ਦੀ ਕੋਸ਼ਿਸ਼, 5 ਘੰਟਿਆਂ ’ਚ 4 ਮੁਲਜ਼ਮ ਗ੍ਰਿਫ਼ਤਾਰ

ਨਿਊਜ਼ ਪੰਜਾਬ

15 ਅਕਤੂਬਰ,2026

ਅੰਮ੍ਰਿਤਸਰ ਦੇ ਸ਼ਿਵਾਲਾ ਇਲਾਕੇ ਵਿੱਚ ਕੱਪੜਾ ਕਾਰੋਬਾਰੀ ਵਿਸ਼ਾਲ ਭਾਟੀਆ ਤੋਂ ਪੈਸਿਆਂ ਨਾਲ ਭਰਿਆ ਬੈਗ ਖੋਹਣ ਦੀ ਕੋਸ਼ਿਸ਼ ਦੌਰਾਨ ਬਾਈਕ ਸਵਾਰ ਮੁਲਜ਼ਮਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਕਾਰੋਬਾਰੀ ਦੀ ਲੱਤ ’ਤੇ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ, ਪਰ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸਿਰਫ਼ ਪੰਜ ਘੰਟਿਆਂ ਦੇ ਅੰਦਰ ਪ੍ਰਿੰਸ ਕੁਮਾਰ ਉਰਫ਼ ਮਾਡਲ, ਗੁਰਪ੍ਰਿੰਸ ਦੀਪ, ਰਾਹੁਲ ਸਿੰਘ ਅਤੇ ਦਮਨਪ੍ਰੀਤ ਸਿੰਘ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਜਾਂਚ ਦੌਰਾਨ ਇਸ ਗਿਰੋਹ ਦੇ ਪੈਟਰੋਲ ਪੰਪਾਂ ਅਤੇ ਮੈਡੀਕਲ ਸਟੋਰਾਂ ’ਤੇ ਲੁੱਟ ਦੀਆਂ ਹੋਰ ਵਾਰਦਾਤਾਂ ਵਿੱਚ ਸ਼ਾਮਲ ਹੋਣ ਦੇ ਤੱਥ ਵੀ ਸਾਹਮਣੇ ਆਏ ਹਨ। ਇਸ ਤੋਂ ਇਲਾਵਾ, ਪੁਲਿਸ ਨੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਵਾਲੇ ਇੱਕ ਨੈੱਟਵਰਕ ਦਾ ਵੀ ਪਰਦਾਫਾਸ਼ ਕੀਤਾ ਹੈ। ਪੁਲਿਸ ਅਨੁਸਾਰ, ਇਸ ਮਾਮਲੇ ਵਿੱਚ ਵਿਦੇਸ਼ ਵਿੱਚ ਰਹਿੰਦੇ ਇੱਕ ਮੁਲਜ਼ਮ ਖ਼ਿਲਾਫ਼ ਪਾਸਪੋਰਟ ਰੱਦ ਕਰਨ ਅਤੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਹੈ ਕਿ ਫਿਰੌਤੀ ਜਾਂ ਧਮਕੀ ਭਰੀ ਕਾਲ ਆਉਣ ’ਤੇ ਤੁਰੰਤ 112 ਨੰਬਰ ’ਤੇ ਸੰਪਰਕ ਕਰਨ ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਉਣ।