ਨਿਊਜ਼ ਪੰਜਾਬ
15 ਅਕਤੂਬਰ,2026
ਪਾਕਿਸਤਾਨ ਦੇ ਪੇਸ਼ਾਵਰ ਦੀ ਦੀਰ ਕਲੋਨੀ ਵਿੱਚ ਵੀਰਵਾਰ, 15 ਅਕਤੂਬਰ ਨੂੰ ਇੱਕ ਨਿੱਜੀ ਸਕੂਲ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦਰਦਨਾਕ ਘਟਨਾ ਵਿੱਚ ਘੱਟੋ-ਘੱਟ 28 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿੱਚ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਵੀ ਸ਼ਾਮਲ ਦੱਸੀ ਗਈ ਹੈ। ਮ੍ਰਿਤਕਾਂ ਵਿੱਚ ਕਈ ਛੋਟੀ ਉਮਰ ਦੇ ਬੱਚੇ ਵੀ ਹਨ, ਜਦਕਿ ਕਈ ਹੋਰ ਵਿਦਿਆਰਥੀ ਜ਼ਖ਼ਮੀ ਹੋਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਜ਼ਖ਼ਮੀਆਂ ਦੇ ਇਲਾਜ ਲਈ ਲੇਡੀ ਰੀਡਿੰਗ ਹਸਪਤਾਲ ਵਿੱਚ ਐਮਰਜੈਂਸੀ ਐਲਾਨੀ ਗਈ। ਰਿਪੋਰਟਾਂ ਅਨੁਸਾਰ, ਪਾਕਿਸਤਾਨ ਵਿੱਚ ਇਮਾਰਤਾਂ ਦੇ ਢਹਿਣ ਦੀਆਂ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ, ਜਿਨ੍ਹਾਂ ਦਾ ਮੁੱਖ ਕਾਰਨ ਮਾੜੇ ਸੁਰੱਖਿਆ ਪ੍ਰਬੰਧ ਅਤੇ ਘਟੀਆ ਨਿਰਮਾਣ ਸਮੱਗਰੀ ਮੰਨੀ ਜਾਂਦੀ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
