ਨਿਊਜ਼ ਪੰਜਾਬ
18 ਅਕਤੂਬਰ,2026
ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਭੜਕੀ : ਫਰਾਂਸ ਵਿੱਚ ਵਧਦੀ ਮਹਿੰਗਾਈ ਅਤੇ ਰਹਿਣ-ਸਹਿਣ ਦੇ ਖ਼ਰਚਿਆਂ ਤੋਂ ਪਰੇਸ਼ਾਨ ਲੋਕਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰ ਲਿਆ ਹੈ। ਪੈਰਿਸ ਸਮੇਤ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਝੜਪਾਂ ਹੋਈਆਂ, ਜਦਕਿ ਕਈ ਥਾਵਾਂ ’ਤੇ ਵਾਹਨਾਂ ਨੂੰ ਅੱਗ ਲਗਾਉਣ, ਦੁਕਾਨਾਂ ਵਿੱਚ ਲੁੱਟਮਾਰ ਅਤੇ ਸਰਕਾਰੀ ਇਮਾਰਤਾਂ ਦੀ ਭੰਨਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹਾਲਾਤ ਕਾਬੂ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਰਿਪੋਰਟਾਂ ਮੁਤਾਬਕ, ਪ੍ਰਦਰਸ਼ਨਾਂ ਦੌਰਾਨ ਲਗਭਗ 400 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਸਾ, ਲੁੱਟਮਾਰ ਅਤੇ ਭੰਨਤੋੜ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ। ਵਧਦੀ ਮਹਿੰਗਾਈ, ਜਨਤਕ ਸੇਵਾਵਾਂ ਦੀ ਸਥਿਤੀ ਅਤੇ ਸਰਕਾਰੀ ਖਰਚਿਆਂ ਨੂੰ ਲੈ ਕੇ ਲੋਕਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਇਸ ਤੋਂ ਇਲਾਵਾ, ਵਿਦਿਆਰਥੀਆਂ ਵੱਲੋਂ ਸਿੱਖਿਆ ਪ੍ਰਣਾਲੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੇ ਵੀ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।
