ਨਿਊਜ਼ ਪੰਜਾਬ
18 ਅਕਤੂਬਰ,2026
ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸ਼ੀਤਲਾ ਮਾਤਾ ਮੰਦਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ, ਜਦਕਿ ਲਗਭਗ 40 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਨਵਰਾਤਰੀ ਦੌਰਾਨ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਕਰੀਬ 1:30 ਵਜੇ ਚਿਨੌਰ ਰੋਡ ’ਤੇ ਵਾਪਰਿਆ। ਜਾਣਕਾਰੀ ਅਨੁਸਾਰ, ਝੋਨੇ ਨਾਲ ਭਰਿਆ ਇੱਕ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਕੇ ਮੰਦਰ ਦੇ ਪ੍ਰਵੇਸ਼ ਦੁਆਰ ਅਤੇ ਬਾਹਰੀ ਕੰਧ ਨਾਲ ਟਕਰਾ ਗਿਆ, ਜਿਸ ਕਾਰਨ ਉੱਥੇ ਮੌਜੂਦ ਸ਼ਰਧਾਲੂ ਇਸ ਦੀ ਲਪੇਟ ਵਿੱਚ ਆ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਪੁਲਿਸ, ਪ੍ਰਸ਼ਾਸਨ ਤੇ ਸਥਾਨਕ ਲੋਕਾਂ ਨੇ ਮਿਲ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਇਸ ਦੁਖਦਾਈ ਘਟਨਾ ’ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ, ਗੰਭੀਰ ਜ਼ਖਮੀਆਂ ਨੂੰ 2 ਲੱਖ ਰੁਪਏ ਅਤੇ ਹੋਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਸਰਕਾਰ ਵੱਲੋਂ ਜ਼ਖਮੀਆਂ ਦੇ ਮੁਫ਼ਤ ਇਲਾਜ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
