ਨਿਊਜ਼ ਪੰਜਾਬ
18 ਅਕਤੂਬਰ,2026
ਪੰਜਾਬ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਹੀ ਇੱਕ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (NCB) ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮ ਦੀ ਕਾਰ ਵਿੱਚੋਂ ਪਹਿਲਾਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਤੋਂ ਬਾਅਦ ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ ਪਿੰਡ ਭੂਸੇ ਵਿੱਚ ਇੱਕ ਟਾਵਰ ਨੇੜਿਓਂ 10 ਕਿਲੋ ਹੋਰ ਹੈਰੋਇਨ ਬਰਾਮਦ ਹੋਈ। ਇਸ ਤਰ੍ਹਾਂ ਹੁਣ ਤੱਕ ਕੁੱਲ 25 ਕਿਲੋ ਹੈਰੋਇਨ ਜ਼ਬਤ ਕੀਤੀ ਜਾ ਚੁੱਕੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਲਗਭਗ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮ ਦੀ ਕਾਰ ਵਿੱਚੋਂ ਇੱਕ ਰਿਵਾਲਵਰ, ਪੰਜ ਜ਼ਿੰਦਾ ਕਾਰਤੂਸ, ਨਕਦੀ, ਮੋਬਾਈਲ ਫੋਨ ਅਤੇ ਹੋਰ ਸਾਮਾਨ ਵੀ ਮਿਲਿਆ ਹੈ। ਮੁੱਢਲੀ ਜਾਂਚ ਵਿੱਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭੇਜੀ ਗਈ ਹੋ ਸਕਦੀ ਹੈ। ਜਾਂਚ ਏਜੰਸੀਆਂ ਵੱਲੋਂ ਹੁਣ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਮੁਲਜ਼ਮ ਦੇ ਹੋਰ ਸੰਭਾਵਿਤ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
