ਨਿਊਜ਼ ਪੰਜਾਬ
19 ਅਕਤੂਬਰ 2026
ਪੰਜਾਬ ਦੇ ਪਟਿਆਲਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਸਹੋਤਾ ਦੀ ਅਦਾਲਤ ਨੇ ਇਹ ਫੈਸਲਾ 2018 ਵਿੱਚ ਸਿਹਤ ਵਿਭਾਗ ਵਿੱਚ ਦਵਾਈਆਂ ਦੀ ਖਰੀਦ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਸਪਲਾਈ ਸਬੰਧੀ ਕਥਿਤ ਬੇਨਿਯਮੀਆਂ ਬਾਰੇ ਲਗਾਏ ਗਏ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਸੁਣਾਇਆ। ਬੈਂਸ ਨੇ ਤਤਕਾਲੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ’ਤੇ ਇੱਕ ਫਾਰਮਾਸਿਊਟੀਕਲ ਕੰਪਨੀ ਨਾਲ ਕਥਿਤ ਸਬੰਧਾਂ ਅਤੇ ਖਰੀਦ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਪਾਇਆ ਕਿ ਬੈਂਸ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਠੋਸ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੇ। ਅਦਾਲਤ ਨੇ ਉਨ੍ਹਾਂ ਨੂੰ ਭਾਰਤੀ ਦੰਡਾਵਲੀ ਦੀ ਧਾਰਾ 500 ਤਹਿਤ ਸਜ਼ਾ ਸੁਣਾਈ ਹੈ। ਫੈਸਲੇ ਵਿੱਚ ਕੋਈ ਜੁਰਮਾਨਾ ਨਹੀਂ ਲਗਾਇਆ ਗਿਆ।
