ਨਿਊਜ਼ ਪੰਜਾਬ
21 ਅਕਤੂਬਰ,2026
ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਵੱਲੋਂ 21 ਅਤੇ 22 ਅਕਤੂਬਰ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਅਨੁਸਾਰ, ਲਗਭਗ 3 ਲੱਖ ਕਰਮਚਾਰੀ ਇਸ ਹੜਤਾਲ ਵਿੱਚ ਸ਼ਾਮਲ ਹੋ ਸਕਦੇ ਹਨ, ਜਿਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਕੰਮਕਾਜ ’ਤੇ ਅਸਰ ਪੈਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਲੰਬਿਤ 18 ਫ਼ੀਸਦੀ ਮਹਿੰਗਾਈ ਭੱਤਾ (ਡੀਏ) ਜਾਰੀ ਕਰਨਾ, ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨਾ, ਕੱਚੇ ਅਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਤਨਖ਼ਾਹਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕਰਨਾ ਸ਼ਾਮਲ ਹੈ। ਮੁਲਾਜ਼ਮਾਂ ਵੱਲੋਂ 21 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਧਰਨਾ ਵੀ ਦਿੱਤਾ ਜਾਵੇਗਾ। ਇਸ ਹੜਤਾਲ ਵਿੱਚ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੇ ਸ਼ਾਮਲ ਹੋਣ ਕਾਰਨ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਦੀ ਵੀ ਸੰਭਾਵਨਾ ਹੈ, ਜਿਸ ਨਾਲ ਆਮ ਲੋਕਾਂ ਨੂੰ ਆਵਾਜਾਈ ਅਤੇ ਸਰਕਾਰੀ ਕੰਮਕਾਜ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
