ਨਿਊਜ਼ ਪੰਜਾਬ
26 ਅਕਤੂਬਰ,2026
ਬੰਗਾਲ ਦੀ ਖਾੜੀ ਵਿੱਚ ਬਣਿਆ ਚੱਕਰਵਾਤ ‘ਅਰਨਬ’ ਤੇਜ਼ੀ ਨਾਲ ਤਾਕਤਵਰ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਇਹ 27 ਅਕਤੂਬਰ ਤੱਕ ਬਹੁਤ ਗੰਭੀਰ ਚੱਕਰਵਾਤੀ ਤੂਫ਼ਾਨ ਦਾ ਰੂਪ ਧਾਰ ਸਕਦਾ ਹੈ ਅਤੇ 28 ਅਕਤੂਬਰ ਦੀ ਸਵੇਰ ਨੂੰ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਇਲਾਕਿਆਂ ਨਾਲ ਟਕਰਾਉਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 125 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ, ਜਦਕਿ ਝੱਖੜ 140 ਕਿਲੋਮੀਟਰ ਪ੍ਰਤੀ ਘੰਟਾ ਤੱਕ ਚੱਲ ਸਕਦੇ ਹਨ। ਤੂਫ਼ਾਨ ਦੇ ਪ੍ਰਭਾਵ ਕਾਰਨ 27 ਅਤੇ 28 ਅਕਤੂਬਰ ਨੂੰ ਆਂਧਰਾ ਪ੍ਰਦੇਸ਼ ਅਤੇ ਯਨਮ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ, ਸਮੁੰਦਰੀ ਇਲਾਕਿਆਂ ਤੋਂ ਦੂਰ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
