ਨਿਊਜ਼ ਪੰਜਾਬ
27 ਅਕਤੂਬਰ,2026
ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੀਤੇ ਕਲਾਂ ਵਿੱਚ ਸੋਮਵਾਰ ਰਾਤ ਤਾਬੜਤੋੜ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੇ ਪੁੱਤਰ ਤੀਰਥ ਸਿੰਘ ਦੀ ਮੌਤ ਹੋ ਗਈ, ਜਦਕਿ ਉਸਦਾ ਦੋਸਤ ਰਣਜੀਤ ਸਿੰਘ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ, ਤੀਰਥ ਸਿੰਘ ਆਪਣੇ ਦੋਸਤ ਨਾਲ ਗੁਰਦੁਆਰੇ ਵਿੱਚ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ, ਜਦੋਂ ਪਹਿਲਾਂ ਤੋਂ ਮੌਜੂਦ ਹਮਲਾਵਰਾਂ ਨੇ ਉਨ੍ਹਾਂ ‘ਤੇ 7 ਤੋਂ 8 ਗੋਲੀਆਂ ਚਲਾ ਦਿੱਤੀਆਂ। ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਤੀਰਥ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀ ਰਣਜੀਤ ਸਿੰਘ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਚਾਰ ਵਿਅਕਤੀਆਂ ਵਿਰੁੱਧ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਮੁਤਾਬਕ, ਕਤਲ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫਿਲਹਾਲ ਮੁਲਜ਼ਮ ਫ਼ਰਾਰ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਵੀ ਤੇਜ਼ ਹੋ ਗਈ ਹੈ।ਆਗੂ ਰਵਨੀਤ ਸਿੰਘ ਬਿੱਟੂ ਨੇ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਦੀ ਸੁਰੱਖਿਆ ਵਿਵਸਥਾ ‘ਤੇ ਸਵਾਲ ਚੁੱਕੇ ਹਨ।
