ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ’ਚ ਦੋ ਅਹਿਮ ਮਤੇ ਪੇਸ਼, ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਨਿਊਜ਼ ਪੰਜਾਬ

27 ਅਕਤੂਬਰ,2026

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਪਾਣੀਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੇ ਮੁੱਦੇ ਛਾਏ ਰਹੇ। ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਯਮੁਨਾ ਨਦੀ ਦੇ ਪਾਣੀ ਵਿੱਚ ਪੰਜਾਬ ਦਾ ਬਣਦਾ ਹਿੱਸਾ ਦੇਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਜਲਦੀ ਫੈਸਲਾ ਲੈਣ ਅਤੇ ਟ੍ਰਿਬਿਊਨਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਯਮੁਨਾ ਦੇ ਪਾਣੀ ’ਤੇ ਆਪਣਾ ਹੱਕ ਜਤਾਉਣ ਦਾ ਅਧਿਕਾਰ ਹੈ। ਇਸੇ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਸਬੰਧੀ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਸਰਹੱਦ ਪਾਰ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਤਾਂਘ ਰੱਖਦੀ ਹੈ, ਪਰ ਲਾਂਘੇ ’ਤੇ ਲੱਗੀਆਂ ਰੁਕਾਵਟਾਂ ਕਾਰਨ ਸ਼ਰਧਾਲੂਆਂ ਦੀ ਇਹ ਇੱਛਾ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਲਈ ਕਦਮ ਚੁੱਕਣ ਦੀ ਅਪੀਲ ਕੀਤੀ ਗਈ।