ਨਿਊਜ਼ ਪੰਜਾਬ
28 ਅਕਤੂਬਰ 2026
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਸਬੰਧੀ ਪਟੀਸ਼ਨ ’ਤੇ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ ਫੈਸਲਾ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਸਾਲ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਹੈ। ਪਟੀਸ਼ਨ ਵਿੱਚ ਫੈਸਲਾ ਲੈਣ ਵਿੱਚ ਹੋ ਰਹੀ ਦੇਰੀ ਕਾਰਨ ਮਾਨਸਿਕ ਪੀੜਾ ਅਤੇ ਸੰਵਿਧਾਨ ਦੀ ਧਾਰਾ 21 ਤਹਿਤ ਜੀਵਨ ਦੇ ਅਧਿਕਾਰ ਦਾ ਹਵਾਲਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਜਾਨ ਲੈਣ ਵਾਲੇ ਬੰਬ ਧਮਾਕੇ ਦੇ ਮਾਮਲੇ ਵਿੱਚ ਰਾਜੋਆਣਾ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਹੁਣ ਸਾਰਿਆਂ ਦੀਆਂ ਨਜ਼ਰਾਂ ਅਦਾਲਤ ਦੀ ਸੁਣਵਾਈ ਅਤੇ ਸੰਭਾਵਿਤ ਫੈਸਲੇ ’ਤੇ ਟਿਕੀਆਂ ਹੋਈਆਂ ਹਨ।
