29 ਅਕਤੂਬਰ 2026
ਨਿਊਜ਼ ਪੰਜਾਬ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦੇ 30 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਵਿਵਾਦ ਖੜ੍ਹਾ ਹੋ ਗਿਆ ਹੈ। ਡਾ. ਪੰਡਿਤਰਾਓ ਧਰੇਨਾਵਰ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਕੰਸਰਟ ਦੌਰਾਨ ਤਿੰਨ ਤਰ੍ਹਾਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਸ਼ਰਾਬ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ, ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਦੀ ਐਂਟਰੀ ’ਤੇ ਰੋਕ ਲਗਾਉਣ ਅਤੇ ਦਿਲਜੀਤ ਨੂੰ ਸੀਨੇ ’ਤੇ ਸਿਲਵਰ ਬੁਲੇਟ ਬੈਲਟ ਪਹਿਨਣ ਤੋਂ ਰੋਕਣ ਦੀ ਮੰਗ ਸ਼ਾਮਲ ਹੈ। ਪੰਡਿਤਰਾਓ ਨੇ ਆਪਣੀ ਸ਼ਿਕਾਇਤ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 2019 ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਨਸ਼ਾ ਮੁਕਤ ਭਾਰਤ ਮੁਹਿੰਮ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਕੰਸਰਟ ਦੌਰਾਨ 120 ਡੈਸੀਬਲ ਤੋਂ ਵੱਧ ਆਵਾਜ਼ ਅਤੇ 5 ਤੋਂ 30 ਹਰਟਜ਼ ਦੀਆਂ ਫਲੈਸ਼ਿੰਗ ਲਾਈਟਾਂ ਬੱਚਿਆਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੀਆਂ ਹਨ। ਫਿਲਹਾਲ, ਇਸ ਸ਼ਿਕਾਇਤ ’ਤੇ ਦਿੱਲੀ ਪੁਲਿਸ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
