ਨਿਊਜ਼ ਪੰਜਾਬ
30 ਅਕਤੂਬਰ,2026
ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਚੱਲ ਰਹੇ ਇਨਸਾਫ਼ ਮੋਰਚੇ ਦਰਮਿਆਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਪਰਵਿੰਦਰ ਸਿੰਘ ਝੋਟੇ ਦੀ ਪਤਨੀ, ਪਿਤਾ ਅਤੇ ਪੂਰੇ ਪਰਿਵਾਰ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਪਰਿਵਾਰ ਨੂੰ CRPF ਦੀ ਸੁਰੱਖਿਆ ਦਿੱਤੀ ਜਾਵੇਗੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ X ਸ਼੍ਰੇਣੀ ਦੀ ਸੁਰੱਖਿਆ ਮਿਲੇਗੀ। ਇਸ ਤੋਂ ਇਲਾਵਾ ਗੁਲਜ਼ਾਰ ਸਿੰਘ ਤੂਰ ਦੀ ਪਤਨੀ ਨੂੰ ਵੀ CRPF ਸੁਰੱਖਿਆ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ CRPF ਦੇ ਜਵਾਨ ਮਾਨਸਾ ਪਹੁੰਚ ਸਕਦੇ ਹਨ। ਜ਼ਿਕਰਯੋਗ ਹੈ ਕਿ 20 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਰਿਵਾਰ ਦੀਆਂ ਮੁੱਖ ਮੰਗਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਵੀ ਸ਼ਾਮਲ ਹੈ। ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਛੇੜ ਦਿੱਤੀ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਆਪਣੇ ਵਿਚਾਰ ਰੱਖੇ ਜਾ ਰਹੇ ਹਨ। ਹਾਲਾਂਕਿ, ਪਰਿਵਾਰ ਨੂੰ ਸੁਰੱਖਿਆ ਦੇਣ ਪਿੱਛੇ ਅਸਲ ਕਾਰਨ ਇੰਟੈਲੀਜੈਂਸ ਇਨਪੁਟ ਹਨ ਜਾਂ ਕੋਈ ਹੋਰ ਕਾਰਨ, ਇਸ ਬਾਰੇ ਅਧਿਕਾਰਤ ਤੌਰ ‘ਤੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
