20 ਨਵੰਬਰ ਨੂੰ ਹੋਵੇਗੀ SGPC ਦੀ ਅਹਿਮ ਚੋਣ, ਨਵੇਂ ਅਹੁਦੇਦਾਰਾਂ ਦੀ ਹੋਵੇਗੀ ਚੋਣ

ਨਿਊਜ਼ ਪੰਜਾਬ

30 ਅਕਤੂਬਰ,2026

ਅੰਮ੍ਰਿਤਸਰ ਤੋਂ ਸਿੱਖ ਜਗਤ ਨਾਲ ਜੁੜੀਆਂ ਕਈ ਅਹਿਮ ਖ਼ਬਰਾਂ ਸਾਹਮਣੇ ਆਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ। ਇਸ ਦੌਰਾਨ SGPC ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮੇਟੀ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਧਰਨੇ ਦੌਰਾਨ ਨੌਜਵਾਨਾਂ ਖ਼ਿਲਾਫ਼ ਦਰਜ FIR ਰੱਦ ਕਰਨ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ ਵੀ ਕੀਤੀ ਹੈ। ਇਸ ਤੋਂ ਇਲਾਵਾ ਕਰੰਟ ਲੱਗਣ ਕਾਰਨ ਜਾਨ ਗੁਆਉਣ ਵਾਲੇ ਭਾਈ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਸਹਾਇਤਾ ਅਤੇ 1984 ਵਿੱਚ ਬਗਾਵਤ ਕਰਨ ਵਾਲੇ 479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ SGPC ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।