ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, CM ਮਾਨ ਨੇ ਕੀਤਾ ਵੱਡਾ ਐਲਾਨ

ਨਿਊਜ਼ ਪੰਜਾਬ

1 ਨਵੰਬਰ,2026

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਬੋਹਰ ਵਿਖੇ ਕਰਵਾਏ ਗਏ ਵਿਸ਼ੇਸ਼ ਸੂਬਾ ਪੱਧਰੀ ਸਮਾਗਮ ਦੌਰਾਨ ਵੱਡਾ ਐਲਾਨ ਕੀਤਾ। ਇਸ ਮੌਕੇ ਸੂਬੇ ਦੀਆਂ 37,43,168 ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 1,291.09 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਜਾ ਰਹੀ ਹੈ। ਸਮਾਗਮ ਦੌਰਾਨ ਜਿਵੇਂ ਹੀ ਰਾਸ਼ੀ ਜਾਰੀ ਕਰਨ ਦਾ ਐਲਾਨ ਹੋਇਆ ਤਾਂ ਕਈ ਮਹਿਲਾਵਾਂ ਦੇ ਮੋਬਾਈਲ ਫੋਨਾਂ ’ਤੇ ਪੈਸੇ ਆਉਣ ਦੇ ਸੁਨੇਹੇ ਵੀ ਪਹੁੰਚਣ ਲੱਗੇ, ਜਿਸ ਨਾਲ ਸਮਾਗਮ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੀ 1 ਦਸੰਬਰ ਨੂੰ ਮਹਿਲਾਵਾਂ ਦੇ ਖਾਤਿਆਂ ਵਿੱਚ ਅਗਲੀ ਕਿਸ਼ਤ ਭੇਜੀ ਜਾਵੇਗੀ, ਜਦਕਿ 1 ਜਨਵਰੀ ਨੂੰ ਔਰਤਾਂ ਨੂੰ 3,000 ਰੁਪਏ ਅਤੇ 4,500 ਰੁਪਏ ਦੀ ਵਿਸ਼ੇਸ਼ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ 1,37,723 ਸਤਿਕਾਰ ਸਖੀਆਂ ਲਈ 51.20 ਕਰੋੜ ਰੁਪਏ ਅਤੇ ਆਂਗਣਵਾੜੀ ਵਰਕਰਾਂ ਲਈ 25 ਕਰੋੜ ਰੁਪਏ ਜਾਰੀ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਦੇ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸੂਬੇ ਵਿੱਚ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ, ਨਹਿਰੀ ਪਾਣੀ ਦੀ ਵੱਧ ਵਰਤੋਂ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਰਗੇ ਕਦਮਾਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਉਨ੍ਹਾਂ ਅਬੋਹਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਵਿਕਾਸ ਦਾ ਭਰੋਸਾ ਦਿੰਦਿਆਂ ਲੋਕਾਂ ਨੂੰ ਖੇਤਰ ਦੀ ਬਿਹਤਰੀ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।