ਨਿਊਜ਼ ਪੰਜਾਬ
3 ਨਵੰਬਰ,2026
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਫਿਲਹਾਲ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਉਸ ਦੀ ਜੇਲ੍ਹ ਬਦਲਣ ਸਬੰਧੀ ਪਟੀਸ਼ਨ ‘ਤੇ ਸੁਣਵਾਈ ਤਿੰਨ ਮਹੀਨਿਆਂ ਲਈ ਟਾਲ ਦਿੱਤੀ ਹੈ। 3 ਨਵੰਬਰ ਨੂੰ ਅਦਾਲਤ ਨੇ ਇਹ ਫੈਸਲਾ ਇੰਟੈਲੀਜੈਂਸ ਬਿਊਰੋ (IB) ਦੀ ਰਿਪੋਰਟ ਦੇ ਆਧਾਰ ‘ਤੇ ਲਿਆ। ਰਿਪੋਰਟ ਵਿੱਚ ਖਦਸ਼ਾ ਜਤਾਇਆ ਗਿਆ ਹੈ ਕਿ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕਰਨ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਹਾਲਾਤ ਪ੍ਰਭਾਵਿਤ ਹੋ ਸਕਦੇ ਹਨ। ਦੱਸਣਯੋਗ ਹੈ ਕਿ ਹਵਾਰਾ ਨੇ ਆਪਣੀ 90 ਸਾਲ ਤੋਂ ਵੱਧ ਉਮਰ ਦੀ ਬਿਮਾਰ ਮਾਂ ਨੂੰ ਮਿਲਣ ਦੀ ਇੱਛਾ ਜ਼ਾਹਰ ਕਰਦਿਆਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ, ਸੁਪਰੀਮ ਕੋਰਟ ਵੱਲੋਂ ਸੁਣਵਾਈ ਮੁਲਤਵੀ ਕੀਤੇ ਜਾਣ ਕਾਰਨ ਉਸ ਨੂੰ ਫਿਲਹਾਲ ਤਿਹਾੜ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
