ਨਿਊਜ਼ ਪੰਜਾਬ
4 ਨਵੰਬਰ,2026
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆਈ ਹੈ। ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਦੋ ਕਾਂਗਰਸੀ ਆਗੂਆਂ ਬਰਿੰਦਰ ਢਿੱਲੋਂ ਅਤੇ ਰਣਜੀਤ ਸਿੰਘ ਤਰਖਾਣ ਮਾਜਰਾ ਵਿਚਕਾਰ ਹੋਈ ਤਕਰਾਰ ਦੇ ਮਾਮਲੇ ਵਿੱਚ ਹੁਣ ਪਾਰਟੀ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਸ਼ਿਕਾਇਤ ਵਿੱਚ ਢਿੱਲੋਂ ਉੱਤੇ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਗਲਤ ਵਿਵਹਾਰ ਕਰਨ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਲਗਾਏ ਗਏ ਹਨ। ਦੂਜੇ ਪਾਸੇ ਬਰਿੰਦਰ ਢਿੱਲੋਂ ਨੇ ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਹੱਥੋਪਾਈ ਦੇ ਦੋਸ਼ਾਂ ਨੂੰ ਨਕਾਰਿਆ ਹੈ ਅਤੇ ਕਿਹਾ ਹੈ ਕਿ ਦੋਵਾਂ ਵਿਚਕਾਰ ਸਿਰਫ਼ ਜ਼ੁਬਾਨੀ ਬਹਿਸ ਹੋਈ ਸੀ। ਉਨ੍ਹਾਂ ਉਮੀਦ ਜਤਾਈ ਕਿ ਮਾਮਲਾ ਜਲਦੀ ਸੁਲਝ ਜਾਵੇਗਾ। ਉੱਥੇ ਹੀ ਰਣਜੀਤ ਸਿੰਘ ਤਰਖਾਣ ਮਾਜਰਾ ਨੇ ਇਸ ਘਟਨਾ ਨੂੰ ਆਪਣੇ ਸਵੈ-ਮਾਣ ਅਤੇ ਦਲਿਤ ਭਾਈਚਾਰੇ ਦੇ ਸਨਮਾਨ ਨਾਲ ਜੋੜਦਿਆਂ ਪਾਰਟੀ ਹਾਈਕਮਾਂਡ ਤੋਂ ਇਨਸਾਫ਼ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਹੁਣ ਸਭ ਦੀਆਂ ਨਜ਼ਰਾਂ ਢਿੱਲੋਂ ਵੱਲੋਂ ਦਿੱਤੇ ਜਾਣ ਵਾਲੇ ਜਵਾਬ ਅਤੇ ਪਾਰਟੀ ਦੇ ਅਗਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ।
