21 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦਾ ਐਲਾਨ, ਇਸ ਵਾਰ ਮਨਾਉਣਗੇ ਕਾਲੀ ਦੀਵਾਲੀ

ਨਿਊਜ਼ ਪੰਜਾਬ

6 ਨਵੰਬਰ,2026

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 21 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਅਮਿਤ ਪਵਾਰ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਪਿਛਲੀਆਂ ਕਰੀਬ 80 ਮੀਟਿੰਗਾਂ ਦੌਰਾਨ ਵੀ ਅਧਿਆਪਕਾਂ ਨੂੰ ਕੋਈ ਠੋਸ ਹੱਲ ਦੇਣ ਦੀ ਬਜਾਏ ਸਿਰਫ਼ ਭਰੋਸੇ ਹੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਲ 2005 ਤੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਕੰਪਿਊਟਰ ਅਧਿਆਪਕ ਅਜੇ ਵੀ ਨਿਯਮਿਤ ਮੁਲਾਜ਼ਮਾਂ ਨੂੰ ਮਿਲਣ ਵਾਲੇ ਹੱਕਾਂ ਅਤੇ ਲਾਭਾਂ ਤੋਂ ਵਾਂਝੇ ਹਨ। ਅਧਿਆਪਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦਾ ਅਨਰਿਵਾਈਜ਼ਡ ਡੀਏ ਬਹਾਲ ਨਾ ਕੀਤਾ ਗਿਆ ਤਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਸਰਕਾਰ ਖ਼ਿਲਾਫ਼ ਵਿਸ਼ਾਲ ਰੈਲੀ ਅਤੇ ਝੰਡਾ ਮਾਰਚ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੰਗਰੂਰ ਡੀਸੀ ਦਫ਼ਤਰ ਦੇ ਬਾਹਰ ਲੱਗੇ ਧਰਨੇ ਨੂੰ 47 ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਅਧਿਆਪਕਾਂ ਨਾਲ ਗੱਲਬਾਤ ਨਹੀਂ ਕੀਤੀ।