ਨਿਊਜ਼ ਪੰਜਾਬ
7 ਨਵੰਬਰ,2026
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ 15 ਨਵੰਬਰ ਨੂੰ ਇੰਦੌਰ ਵਿੱਚ ਹੋਣ ਵਾਲੇ ਲਾਈਵ ਕੰਸਰਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਪੰਡਿਤਰਾਓ ਧਰੇਨਵਰ ਵੱਲੋਂ ਕੀਤੀ ਗਈ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਪ੍ਰੋਗਰਾਮ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਇਸ ਵਿੱਚ ਸਪੱਸ਼ਟ ਹਦਾਇਤ ਦਿੱਤੀ ਗਈ ਹੈ ਕਿ ਕੰਸਰਟ ਦੌਰਾਨ ਦਿਲਜੀਤ ਦੋਸਾਂਝ ਨੂੰ ਸ਼ਰਾਬ, ਅਫੀਮ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਨ੍ਹਾਂ ਗੀਤਾਂ ਵਿੱਚ ‘ਪਟਿਆਲਾ ਪੈੱਗ’, ‘5 ਤਾਰਾ ਠੇਕੇ’, ‘ਜੀਭ ਵਿੱਚੋਂ ਅਫੀਮ ਲੱਭੀ’ ਅਤੇ ‘ਜੱਟ ਉੱਤੇ ਫਾਇਰ ਕਰਦਾ’ ਸ਼ਾਮਲ ਹਨ। ਅਧਿਕਾਰੀਆਂ ਵੱਲੋਂ ਆਪਣੇ ਪੱਤਰ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 22 ਜੁਲਾਈ 2019 ਦੇ ਫ਼ੈਸਲੇ ਦਾ ਵੀ ਹਵਾਲਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੰਸਰਟ ਵਿੱਚ ਪੰਜ ਸਾਲ ਅਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਦਾਖ਼ਲਾ ਮਿਲਣ ਕਾਰਨ ਚਿੰਤਾ ਪ੍ਰਗਟਾਈ ਗਈ ਹੈ ਕਿ ਅਜਿਹੇ ਗੀਤਾਂ ਦਾ ਬੱਚਿਆਂ ਦੀ ਮਾਨਸਿਕਤਾ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਮੰਗ ਕੀਤੀ ਹੈ ਕਿ ਕੰਸਰਟ ਦੌਰਾਨ ਬੱਚਿਆਂ ਨੂੰ ਸਟੇਜ ’ਤੇ ਨਾ ਬੁਲਾਇਆ ਜਾਵੇ, ਕਿਉਂਕਿ ਤੇਜ਼ ਆਵਾਜ਼ ਅਤੇ ਲਾਈਟਾਂ ਉਨ੍ਹਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਇਸ ਦੇ ਨਾਲ ਹੀ ਦਿਲਜੀਤ ਵੱਲੋਂ ਸਟੇਜ ’ਤੇ ਚਾਂਦੀ ਰੰਗੀਆਂ ਨਕਲੀ ਕਾਰਤੂਸਾਂ ਵਾਲੀਆਂ ਪੇਟੀਆਂ ਪਹਿਨਣ ’ਤੇ ਵੀ ਇਤਰਾਜ਼ ਜਤਾਇਆ ਗਿਆ ਹੈ। ਨੋਟਿਸ ਦੀ ਕਾਪੀ ਇੰਦੌਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਪੁਲਿਸ ਕਮਿਸ਼ਨਰ ਨੂੰ ਵੀ ਭੇਜੀ ਗਈ ਹੈ, ਤਾਂ ਜੋ 15 ਨਵੰਬਰ ਨੂੰ ਹੋਣ ਵਾਲੇ ਇਸ ਕੰਸਰਟ ਦੌਰਾਨ ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।
