ਨਿਊਜ਼ ਪੰਜਾਬ
7 ਨਵੰਬਰ 2026
ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਈ ਹੈ ਅਤੇ ਕਈ ਥਾਵਾਂ ’ਤੇ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਵੀ ਪਾਰ ਦਰਜ ਕੀਤਾ ਗਿਆ ਹੈ। ਗ੍ਰੇਪ-3 ਦੇ ਤਹਿਤ ਪ੍ਰਦੂਸ਼ਣ ਰੋਕਣ ਲਈ ਕਈ ਪਾਬੰਦੀਆਂ ਲਾਗੂ ਹੋਣ ਦੇ ਬਾਵਜੂਦ ਹਾਲਾਤ ਵਿੱਚ ਕੋਈ ਖਾਸ ਸੁਧਾਰ ਦੇਖਣ ਨੂੰ ਨਹੀਂ ਮਿਲ ਰਿਹਾ। ਸੀਪੀਸੀਬੀ ਦੇ ਸਵੇਰੇ 8 ਵਜੇ ਦੇ ਅੰਕੜਿਆਂ ਮੁਤਾਬਕ ਦਿੱਲੀ ਦਾ ਔਸਤ AQI 367 ਦਰਜ ਕੀਤਾ ਗਿਆ, ਜਦਕਿ ਪੰਜਾਬੀ ਬਾਗ ਵਿੱਚ 433, ਵਿਵੇਕ ਵਿਹਾਰ ਵਿੱਚ 425, ਰੋਹਿਣੀ ਵਿੱਚ 418 ਅਤੇ ਮੁੰਡਕਾ ਵਿੱਚ 421 AQI ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਨੋਇਡਾ ਦੇ ਸੈਕਟਰ-62 ਵਿੱਚ ਵੀ AQI 414 ਤੱਕ ਪਹੁੰਚ ਗਿਆ। ਸ਼ੁੱਕਰਵਾਰ ਨੂੰ ਵੀ ਦਿੱਲੀ ਦੇ 24 ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਸੀ। ਵਧਦੇ ਪ੍ਰਦੂਸ਼ਣ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਸਾਹ ਸਬੰਧੀ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਖਾਸ ਤੌਰ ’ਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਹਿਰਾਂ ਵੱਲੋਂ ਲੋਕਾਂ ਨੂੰ ਬੇਲੋੜੀਆਂ ਬਾਹਰੀ ਗਤੀਵਿਧੀਆਂ ਤੋਂ ਬਚਣ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ।
